ਚੰਡੀਗੜ੍ਹ, 27 ਅਕਤੂਬਰ (ਪੋਸਟ ਬਿਊਰੋ): ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ 'ਤੇ ਦੇਸ਼-ਭਰ ਦੇ 500 ਤੋਂ ਵੱਧ ਕਿਸਾਨ-ਸੰਗਠਨਾਂ ਦੀ ਮੀਟਿੰਗ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ, ਦਿੱਲੀ ਵਿਖੇ ਹੋਈ। ਮੀਟਿੰਗ ਦੌਰਾਨ ਕੇਂਦਰ ਸਰਕਾਰ ਵਲੋਂ ਲਿਆਂਦੇ 3 ਖੇਤੀ ਕਾਨੂੰਨਾਂ ਅਤੇ ਬਿਜਲੀ ਸੋਧ ਬਿਲ-2020 ਨੂੰ ਰੱਦ ਕਰਵਾਉਣ ਲਈ ਦੇਸ਼-ਪੱਧਰੀ ਸਾਂਝੇ ਸੰਘਰਸ਼ ਦਾ ਐਲਾਨ ਕੀਤਾ ਗਿਆ।
ਇਸ ਦੌਰਾਨ ਇਕ ਸਾਂਝੀ ਕਮੇਟੀ ਬਣਾਈ ਗਈ। ਜਿਸ ਵਿਚ ਵੀ.ਐੱਮ. ਸਿੰਘ, ਬਲਬੀਰ ਸਿੰਘ ਰਾਜੇਵਾਲ, ਗੁਰਨਾਮ ਸਿੰਘ, ਰਾਜੂ ਸ਼ੈਟੀ ਅਤੇ ਯੋਗਿੰਦਰ ਯਾਦਵ ਨੂੰ ਲਿਆ ਗਿਆ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ 5 ਨਵੰਬਰ ਨੂੰ ਦੇਸ਼-ਭਰ `ਚ 5 ਨਵੰਬਰ ਨੂੰ 12 ਤੋਂ 4 ਵਜੇ ਤੱਕ 4 ਘੰਟਿਆਂ ਲਈ ਦੇਸ਼-ਭਰ 'ਚ ਚੱਕਾ-ਜਾਮ ਅਤੇ 26-27 ਨਵੰਬਰ ਨੂੰ 'ਦਿੱਲੀ-ਚੱਲੋ' ਦਾ ਸੱਦਾ ਦਿੱਤਾ ਗਿਆ। ਪੰਜਾਬ ਤੋਂ 31 ਕਿਸਾਨ-ਜੱਥੇਬੰਦੀਆਂ ਦੇ ਨੁਮਾਇੰਦੇ ਇਸ ਮੀਟਿੰਗ 'ਚ ਸ਼ਾਮਿਲ ਸਨ। ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਵਰਕਿੰਗ-ਗਰੁੱਪ ਦੇ ਮੈਂਬਰ ਪੰਜਾਬ ਤੋਂ ਕਿਸਾਨ ਆਗੂ ਜਗਮੋਹਨ ਸਿੰਘ ਪਟਿਆਲਾ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਦੇਸ਼ ਭਰ ਦੀਆਂ ਕਰੀਬ 250 ਕਿਸਾਨ-ਜਥੇਬੰਦੀਆਂ ਪਹਿਲਾਂ ਹੀ ਇਕਜੁੱਟ ਸਨ, ਹੁਣ ਇਹ ਗਿਣਤੀ 500 ਹੋ ਗਈ ਹੈ, ਜਿਨ੍ਹਾਂ ਵਿਚ ਕਰੀਬ 20 ਸੂਬਿਆਂ ਦੀਆਂ ਕਿਸਾਨ-ਜੱਥੇਬੰਦੀਆਂ ਸ਼ਾਮਿਲ ਹਨ ਅਤੇ ਪੰਜਾਬ-ਹਰਿਆਣਾ ਤੋਂ ਸ਼ੁਰੂ ਹੋਏ ਕਿਸਾਨ-ਅੰਦੋਲਨ ਨੂੰ ਦੇਸ਼-ਪੱਧਰੀ ਬਣਾਇਆ ਜਾਵੇਗਾ। ਜਗਮੋਹਣ ਸਿੰਘ ਪਟਿਆਲਾ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਵਿਚ ਮਾਲ ਗੱਡੀਆਂ ਰੋਕੇ ਜਾਣ ਦਾ ਸਖ਼ਤ ਨੋਟਿਸ ਲੈਂਦੇ ਹੋਏ ਮਤਾ ਪਾਸ ਕੀਤਾ ਗਿਆ ਹੈ ਜਿਸ ਵਿਚ ਕੇਂਦਰ ਨੂੰ ਚੁਣੌਤੀ ਦਿੱਤੀ ਗਈ ਹੈ। ਮਤੇ ਵਿਚ ਕਿਹਾ ਗਿਆ ਕਿ ਕੇਂਦਰ ਸਰਕਾਰ ਨੇ ਬੁਖਲਾਹਟ ਵਿਚ ਇਹ ਫ਼ੈਸਲਾ ਲਿਆ ਹੈ ਅਤੇ ਬਿਨਾਂ ਕਿਸੇ ਵਾਜਬ ਕਾਰਨ ਤੋਂ ਕੇਂਦਰ ਸਰਕਾਰ ਪੰਜਾਬ ’ਚ ਕਿਸਾਨ ਅੰਦੋਲਨ ਨੂੰ ਲੀਹ ਤੋਂ ਲਾਹੁਣਾ ਚਾਹੁੰਦੀ ਹੈ। ਇਸ ਫੈਸਲੇ ਨਾਲ ਕਿਸਾਨੀ ਸੰਘਰਸ਼ ਹੋਰ ਤਿੱਖਾ ਹੋਵੇਗਾ।