ਨਵੀਂ ਦਿੱਲੀ, 5 ਦਸੰਬਰ (ਪੋਸਟ ਬਿਊਰੋ)- ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਝਟਕਾ ਲੱਗਾ ਹੈ। ਲਖੀਮਪੁਰ ਖੀਰੀ ਮਾਮਲੇ ਵਿਚ ਅਦਾਲਤ ਨੇ ਉਸ ਨੂੰ ਡਿਸਚਾਰਜ ਕਰਨ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਭਲਕੇ ਆਸ਼ੀਸ਼ ਖਿਲਾਫ਼ ਦੋਸ਼ ਆਇਦ ਕੀਤੇ ਜਾਣਗੇ। ਆਸ਼ੀਸ਼ ’ਤੇ ਚਾਰ ਕਿਸਾਨਾਂ ਅਤੇ ਇਕ ਪੱਤਰਕਾਰ ’ਤੇ ਆਪਣੀ ਗੱਡੀ ਚੜ੍ਹਾਉਣ ਦਾ ਦੋਸ਼ ਹੈ। ਪਿਛਲੇ ਸਾਲ 3 ਅਕਤੂਬਰ ਨੂੰ ਲਖੀਮਪੁਰ ਖੀਰੀ ਵਿਚ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਰੋਸ ਮਾਰਚ ਦੌਰਾਨ ਆਸ਼ੀਸ਼ ਮਿਸ਼ਰਾ ਨੇ ਕਥਿਤ ਤੌਰ ’ਤੇ ਮਹਿੰਦਰਾ ਥਾਰ ਗੱਡੀ ਚਲਾ ਕੇ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ’ਤੇ ਚੜ੍ਹਾ ਦਿੱਤੀ ਸੀ। ਉਸ ਨੂੰ ਕੁਝ ਦਿਨਾਂ ਬਾਅਦ ਹੀ ਗਿ੍ਰਫ਼ਤਾਰ ਕਰ ਲਿਆ ਗਿਆ। ਪੁਲਸ ਅਤੇ ਪ੍ਰਸ਼ਾਸਨ ’ਤੇ ਜਾਂਚ ਦੀ ਸੁਸਤ ਰਫ਼ਤਾਰ ਦੇ ਦੋਸ਼ਾਂ ਤੋਂ ਬਾਅਦ ਸੁਪਰੀਮ ਕੋਰਟ ਦੇ ਦਖਲ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਸਨ।
ਦੱਸ ਦਈਏ ਕਿ ਪਿਛਲੇ ਸਾਲ 3 ਅਕਤੂਬਰ ਨੂੰ ਲਖੀਮਪੁਰ ਖੀਰੀ ਵਿਚ ਹਿੰਸਾ ਦੌਰਾਨ 8 ਲੋਕਾਂ ਦੀ ਮੌਤ ਹੋ ਗਈ ਸੀ। ਇਹ ਹਿੰਸਾ ਉਸ ਸਮੇਂ ਹੋਈ ਜਦੋਂ ਕਿਸਾਨ ਉਤਰ ਪ੍ਰਦੇਸ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਇਲਾਕੇ ਦੇ ਦੌਰੇ ਦਾ ਵਿਰੋਧ ਕਰ ਰਹੇ ਸਨ। ਉਤਰ ਪ੍ਰਦੇਸ ਪੁਲਸ ਦੀ ਐਫ.ਆਈ.ਆਰ. ਅਨੁਸਾਰ ਇਕ ਵਾਹਨ ਜਿਸ ਵਿਚ ਆਸ਼ੀਸ਼ ਮਿਸ਼ਰਾ ਬੈਠੇ ਸਨ, ਨੇ ਚਾਰ ਕਿਸਾਨਾਂ ਨੂੰ ਟੱਕਰ ਮਾਰ ਦਿੱਤੀ। ਘਟਨਾ ਤੋਂ ਬਾਅਦ ਗੁੱਸੇ ਵਿਚ ਆਏ ਕਿਸਾਨਾਂ ਨੇ ਡਰਾਈਵਰ ਅਤੇ ਦੋ ਭਾਜਪਾ ਵਰਕਰਾਂ ਦੀ ਕਥਿਤ ਤੌਰ ’ਤੇ ਕੁੱਟਮਾਰ ਕੀਤੀ। ਇਸ ਦੌਰਾਨ ਹੋਈ ਹਿੰਸਾ ਵਿਚ ਇੱਕ ਪੱਤਰਕਾਰ ਦੀ ਵੀ ਮੌਤ ਹੋ ਗਈ ਸੀ।
ਲਖੀਮਪੁਰ ਖੀਰੀ ਹਿੰਸਾ ਦੀ ਜਾਂਚ ’ਤੇ ਨਜ਼ਰ ਰੱਖਣ ਲਈ ਸੁਪਰੀਮ ਕੋਰਟ ਵਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਜੱਜ ਰਾਕੇਸ਼ ਕੁਮਾਰ ਜੈਨ ਦੀ ਅਗਵਾਈ ਹੇਠ ਕਮੇਟੀ ਦਾ ਗਠਨ ਕੀਤਾ ਗਿਆ ਸੀ।