ਕੀਵ, 22 ਮਾਰਚ (ਪੋਸਟ ਬਿਊਰੋ): ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਉ ਕਿਿਸ਼ਦਾ ਯੂਕਰੇਨ ਦੇ ਦੌਰੇ 'ਤੇ ਹਨ। ਇਸ ਦੌਰਾਨ ਮੰਗਲਵਾਰ ਨੂੰ ਉਨ੍ਹਾਂ ਨੇ ਕੀਵ 'ਚ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ 'ਚ ਦੋਹਾਂ ਨੇਤਾਵਾਂ ਨੇ ਕਈ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ, ਜਿਸ 'ਚ ਯੂਕਰੇਨ 'ਤੇ ਰੂਸ ਦੇ ਹਮਲੇ ਦੀ ਨਿੰਦਾ ਕੀਤੀ ਗਈ। ਤੁਹਾਨੂੰ ਦੱਸ ਦੇਈਏ ਕਿ ਭਾਰਤ ਦੌਰੇ ਤੋਂ ਬਾਅਦ ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਉ ਕਿਿਸ਼ਦਾ ਯੂਕਰੇਨ ਦੇ ਦੌਰੇ 'ਤੇ ਗਏ ਸਨ।
ਦੋਹਾਂ ਨੇਤਾਵਾਂ ਦੀ ਗੱਲਬਾਤ ਤੋਂ ਬਾਅਦ ਜਾਰੀ ਸਾਂਝੇ ਬਿਆਨ 'ਚ ਰੂਸ ਦੇ ਹਮਲੇ ਦੀ ਆਲੋਚਨਾ ਕੀਤੀ ਗਈ। ਬਿਆਨ 'ਚ ਕਿਹਾ ਗਿਆ ਹੈ ਕਿ ਰੂਸ ਦਾ ਹਮਲਾ ਕੌਮਾਂਤਰੀ ਵਿਵਸਥਾ ਦੀ ਉਲੰਘਣਾ ਕਰਦਾ ਹੈ, ਜੋ ਕਿ ਨਿਆਂ 'ਤੇ ਆਧਾਰਿਤ ਹੈ। ਇਸ ਦੇ ਨਾਲ ਹੀ ਇਹ ਸੰਯੁਕਤ ਰਾਸ਼ਟਰ ਚਾਰਟਰ ਦੇ ਬੁਨਿਆਦੀ ਸਿਧਾਂਤਾਂ, ਖਾਸ ਕਰਕੇ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦੀ ਵੀ ਉਲੰਘਣਾ ਹੈ।
ਫੂਮਿਉ ਤੇ ਜੈਲੇਂਸਕੀ ਵੀ ਦੋਹਾਂ ਦੇਸ਼ਾਂ ਦਰਮਿਆਨ ਸਹਿਯੋਗ ਵਧਾਉਣ ਲਈ ਸਹਿਮਤ ਹੋਏ। ਉਨ੍ਹਾਂ ਕਿਹਾ ਕਿ ਰੂਸ ਦੇ ਕਬਜ਼ੇ ਵਾਲੇ ਯੂਕਰੇਨ ਦੇ ਖੇਤਰਾਂ ਨੂੰ ਮਾਨਤਾ ਨਹੀਂ ਦਿੱਤੀ ਜਾਣੀ ਚਾਹੀਦੀ ਅਤੇ ਰੂਸ ਨੂੰ ਯੂਕਰੇਨ ਦੇ ਪੂਰੇ ਖੇਤਰ ਤੋਂ ਫੌਜਾਂ ਨੂੰ ਵਾਪਸ ਬੁਲਾ ਲੈਣਾ ਚਾਹੀਦਾ ਹੈ। ਸਾਂਝੇ ਬਿਆਨ ਵਿੱਚ ਯੂਕਰੇਨ ਦੇ ਰਿਹਾਇਸ਼ੀ, ਬੁਨਿਆਦੀ ਢਾਂਚੇ ਅਤੇ ਊਰਜਾ ਸਹੂਲਤਾਂ ਉੱਤੇ ਰੂਸ ਦੇ ਹਮਲਿਆਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਹੈ। ਦੱਸ ਦੇਈਏ ਕਿ ਜਾਪਾਨ ਦੇ ਪ੍ਰਧਾਨ ਮੰਤਰੀ ਯੂਕਰੇਨ ਦੇ ਦੌਰੇ 'ਤੇ ਅਜਿਹੇ ਸਮੇਂ ਗਏ ਹਨ, ਜਦੋਂ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਰੂਸ ਦੇ ਦੌਰੇ 'ਤੇ ਗਏ ਹੋਏ ਹਨ। ਮਈ 'ਚ ਜਾਪਾਨ 'ਚ ਜੀ-7 ਸੰਮੇਲਨ ਹੋਣਾ ਹੈ। ਅਜਿਹੇ 'ਚ ਮੰਨਿਆ ਜਾ ਰਿਹਾ ਹੈ ਕਿ ਯੂਕਰੇਨ ਦੇ ਰਾਸ਼ਟਰਪਤੀ ਵੀ ਇਸ ਸੰਮੇਲਨ 'ਚ ਹਿੱਸਾ ਲੈ ਸਕਦੇ ਹਨ।