ਓਟਵਾ, 18 ਸਤੰਬਰ (ਪੋਸਟ ਬਿਊਰੋ) : ਪ੍ਰਧਾਂਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਨੈਸ਼ਨਲ ਸਕਿਊਰਿਟੀ ਏਜੰਸੀਜ਼ ਨੂੰ ਇਸ ਗੱਲ ਦੇ ਸਬੂਤ ਮਿਲੇ ਹਨ ਕਿ ਭਾਰਤ ਸਰਕਾਰ ਦੇ ਏਜੰਟਾਂ ਵੱਲੋਂ ਜੂਨ ਵਿੱਚ ਮਸ਼ਹੂਰ ਕੈਨੇਡੀਅਨ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦਾ ਕਤਲ ਕਰਵਾਇਆ ਗਿਆ।
ਵਿਰੋਧੀ ਧਿਰਾਂ ਦੇ ਆਗੂਆਂ ਨੂੰ ਇਹ ਜਾਣਕਾਰੀ ਦੇਣ ਤੋਂ ਬਾਅਦ ਹਾਊਸ ਆਫ ਕਾਮਨਜ਼ ਵਿੱਚ ਇਸ ਗੰਭੀਰ ਮੁੱਦੇ ਉੱਤੇ ਗੱਲ ਕਰਦਿਆਂ ਟਰੂਡੋ ਨੇ ਆਖਿਆ ਕਿ ਪਿਛਲੇ ਕੁੱਝ ਹਫਤਿਆਂ ਤੋਂ ਕੈਨੇਡੀਅਨ ਸਕਿਊਰਿਟੀ ਏਜੰਸੀਜ਼ ਵੱਲੋਂ ਇਸ ਮਾਮਲੇ ਵਿੱਚ ਭਾਰਤ ਸਰਕਾਰ ਦੇ ਏਜੰਟਾਂ ਦਾ ਹੱਥ ਹੋਣ ਦੀ ਗੱਲ ਆਖੀ ਜਾ ਰਹੀ ਹੈ। ਪ੍ਰਧਾਨ ਮੰਤਰੀ ਨੇ ਭਾਰਤ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਨਿੱਝਰ ਦੀ ਮੌਤ ਦੇ ਮਾਮਲੇ ਦੀ ਚੱਲ ਰਹੀ ਜਾਂਚ ਵਿੱਚ ਉਹ ਸਹਿਯੋਗ ਕਰੇ। ਇਸ ਦੇ ਨਾਲ ਹੀ ਟਰੂਡੋ ਨੇ ਭਾਰਤ ਸਰਕਾਰ ਨੂੰ ਆਖਿਆ ਕਿ ਦੂਜੇ ਦੇਸ਼ ਵਿੱਚ ਇਸ ਤਰ੍ਹਾਂ ਦੀ ਕਾਰਵਾਈ ਕਰਵਾਉਣਾ ਕੌਮਾਂਤਰੀ ਕਾਨੂੰਨ ਦੇ ਖਿਲਾਫ ਹੈ ਤੇ ਇਸ ਲਈ ਉਨ੍ਹਾਂ ਨੂੰ ਆਪਣੀ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ।
ਇਸ ਦੌਰਾਨ ਵਿਦੇਸ਼ ਮੰਤਰੀ ਮਿਲੇਨੀ ਜੋਲੀ ਨੇ ਐਲਾਨ ਕੀਤਾ ਕਿ ਕੈਨੇਡਾ ਵੱਲੋਂ ਭਾਰਤ ਦੇ ਰਾਜਦੂਤ ਨੂੰ ਵੀ ਕੱਢ ਦਿੱਤਾ ਗਿਆ ਹੈ। ਉਨ੍ਹਾਂ ਉਸ ਰਾਜਦੂਤ ਦਾ ਨਾਂ ਨਹੀਂ ਲਿਆ ਪਰ ਇਹ ਜ਼ਰੂਰ ਆਖਿਆ ਕਿ ਉਹ ਸ਼ਖਸ ਭਾਰਤ ਦੀ ਵਿਦੇਸ਼ੀ ਖੁਫੀਆ ਏਜੰਸੀ ਦੇ ਰਿਸਰਚ ਅਤੇ ਅਨੈਲੇਸਿਜ਼ ਵਿੰਗ ਦਾ ਕੈਨੇਡਾ ਵਿੱਚ ਹੈੱਡ ਸੀ। ਜੋਲੀ ਨੇ ਆਖਿਆ ਕਿ ਕੈਨੇਡਾ ਆਸ ਕਰਦਾ ਹੈ ਕਿ ਭਾਰਤ ਇਸ ਮਾਮਲੇ ਦੀ ਤਹਿ ਤੱਕ ਜਾਣ ਲਈ ਸਾਂਨੂੰ ਪੂਰਾ ਸਹਿਯੋਗ ਦੇਵੇ। ਜਿ਼ਕਰਯੋਗ ਹੈ ਕਿ ਪਿਛਲੇ ਹਫਤੇ ਟਰੂਡੋ ਜੀ-20 ਸਿਖਰ ਵਾਰਤਾ ਵਿੱਚ ਹਿੱਸਾ ਲੈਣ ਲਈ ਭਾਰਤ ਵਿੱਚ ਸਨ ਤੇ ਉੱਥੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੇ ਡਿਪਲੋਮੈਟਿਕ ਤਣਾਅ ਦੇ ਸੰਕੇਤ ਵੀ ਮਿਲੇ।
ਟਰੂਡੋ ਨੇ ਹਾਊਸ ਨੂੰ ਇਹ ਵੀ ਦੱਸਿਆ ਕਿ ਉਨ੍ਹਾਂ ਨੇ ਮੋਦੀ ਨਾਲ ਮੁਲਾਕਾਤ ਦੌਰਾਨ ਨਿਜੀ ਤੌਰ ਉੱਤੇ ਤੇ ਸਿੱਧੇ ਤੌਰ ਉੱਤੇ ਇਨ੍ਹਾਂ ਦੋਸ਼ਾਂ ਦਾ ਜਿ਼ਕਰ ਵੀ ਕੀਤਾ । ਪਰ ਮੋਦੀ ਦੇ ਆਫਿਸ ਵੱਲੋਂ ਇਹ ਆਖਿਆ ਗਿਆ ਕਿ ਭਾਰਤ ਇਸ ਗੱਲ ਨੂੰ ਲੈ ਕੇ ਚਿੰਤਤ ਹੈ ਕਿ ਕੈਨੇਡਾ ਵਿੱਚ ਭਾਰਤ ਵਿਰੋਧੀ ਇੰਤਿਹਾਪਸੰਦ ਗਤੀਵਿਧੀਆਂ ਤੇ ਤੱਤਾਂ ਦੀ ਪੁਸ਼ਤ ਪਨਾਹੀ ਕੀਤੀ ਜਾ ਰਹੀ ਹੈ।ਟਰੂਡੋ ਨੇ ਸਾਫ ਆਖਿਆ ਕਿ ਕੈਨੇਡਾ ਦੀ ਧਰਤੀ ਉੱਤੇ ਕਿਸੇ ਵੀ ਕੈਨੇਡੀਅਨ ਨਾਗਰਿਕ ਦੇ ਕਤਲ ਵਿੱਚ ਵਿਦੇਸ਼ੀ ਸਰਕਾਰ ਦੀ ਸ਼ਮੂਲੀਅਤ ਨੂੰ ਸਵੀਕਾਰਿਆ ਨਹੀਂ ਜਾ ਸਕਦਾ ਤੇ ਇਹ ਸਾਡੀ ਖੁਦਮੁਖ਼ਤਿਆਰੀ ਦੀ ਉਲੰਘਣਾ ਹੈ।
ਇਸ ਦੌਰਾਨ ਕੰਜ਼ਰਵੇਟਿਵ ਆਗੂ ਪਿਏਰ ਪੌਲੀਏਵਰ ਨੇ ਭਾਰਤ ਸਰਕਾਰ ਨੂੰ ਕੈਨੇਡੀਅਨ ਜਾਂਚਕਾਰਾਂ ਨਾਲ ਸਹਿਯੋਗ ਕਰਨ ਲਈ ਆਖਿਆ ਤੇ ਨਿੱਝਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਐਨਡੀਪੀ ਆਗੂ ਜਗਮੀਤ ਸਿੰਘ ਨੇ ਆਖਿਆ ਕਿ ਇਹ ਬਹੁਤ ਹੀ ਦਿਲ ਦਹਿਲਾ ਦੇਣ ਵਾਲੀ ਖਬਰ ਹੈ ਤੇ ਇਸ ਦਾ ਕੈਨੇਡੀਅਨਜ਼ ਉੱਤੇ ਮਾਰੂ ਅਸਰ ਪਵੇਗਾ। ਇਸ ਦੌਰਾਨ ਕੈਨੇਡਾ ਵਿੱਚ ਰਹਿੰਦੇ ਸਿੱਖ ਆਗੂਆਂ ਨੇ ਵੀ ਕੈਨੇਡਾ ਸਰਕਾਰ ਦੇ ਇਸ ਕਦਮ ਦੀ ਸ਼ਲਾਘਾ ਕੀਤੀ ਤੇ ਨਿੱਝਰ ਦੇ ਮਾਮਲੇ ਵਿੱਚ ਇਨਸਾਫ ਦਿਵਾਉਣ ਦੀ ਮੰਗ ਕੀਤੀ।