ਨਵੀਂ ਦਿੱਲੀ, 20 ਸਤੰਬਰ (ਪੋਸਟ ਬਿਊਰੋ): ਕੇਂਦਰ ਸਰਕਾਰ ਵੱਲੋਂ ਸੱਦੇ ਗਏ ਸੰਸਦ ਦੇ ਵਿਸ਼ੇਸ਼ ਸੈਸ਼ਨ ਵਿੱਚ ਇਤਿਹਾਸਕ ਮਹਿਲਾ ਰਾਖਵਾਂਕਰਨ ਬਿੱਲ ਪੇਸ਼ ਕੀਤਾ ਗਿਆ ਹੈ। ਮੋਦੀ ਸਰਕਾਰ ਨੇ ਇਸ ਬਿੱਲ ਨੂੰ ਨਾਰੀ ਸ਼ਕਤੀ ਵੰਦਨ ਬਿੱਲ ਦਾ ਨਾਮ ਦਿੱਤਾ ਹੈ। ਸਾਰੀਆਂ ਵਿਰੋਧੀ ਪਾਰਟੀਆਂ ਨੇ ਵੀ ਔਰਤਾਂ ਨੂੰ ਰਾਖਵਾਂਕਰਨ ਦੇਣ ਦੇ ਮਾਮਲੇ 'ਤੇ ਸੰਸਦ ਵਿਚ ਕੇਂਦਰ ਸਰਕਾਰ ਦਾ ਸਮਰਥਨ ਕੀਤਾ ਹੈ। ਇਸ ਦੇ ਨਾਲ ਹੀ ਪਾਕਿਸਤਾਨ ਤੋਂ ਭਾਰਤ ਆਈ ਸੀਮਾ ਹੈਦਰ ਵੀ ਇਸ ਬਿੱਲ ਦੀ ਤਾਰੀਫ ਕਰਨ ਲਈ ਅੱਗੇ ਆਈ ਹੈ।
ਸੀਮਾ ਹੈਦਰ ਨੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਮਹਿਲਾ ਰਾਖਵਾਂਕਰਨ ਬਿੱਲ ਦੀ ਸ਼ਲਾਘਾ ਕੀਤੀ ਹੈ। ਸੀਮਾ ਹੈਦਰ ਨੇ ਇਕ ਵੀਡੀਓ ਜਾਰੀ ਕਰਕੇ ਇਸ ਬਿੱਲ 'ਤੇ ਆਪਣੀ ਰਾਏ ਦਿੱਤੀ ਹੈ। ਸੀਮਾ ਨੇ ਕਿਹਾ ਕਿ ਭਾਰਤ ਸਰਕਾਰ ਔਰਤਾਂ ਲਈ ਬਹੁਤ ਵਧੀਆ ਕੰਮ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਦੇ ਭਰਾ ਡਾ. ਏ.ਪੀ ਸਿੰਘ ਦੇਸ ਦੀਆਂ ਔਰਤਾਂ ਲਈ ਲਗਾਤਾਰ ਕੰਮ ਕਰ ਰਹੇ ਹਨ, ਉਸੇ ਤਰ੍ਹਾਂ ਭਾਰਤ ਸਰਕਾਰ ਔਰਤਾਂ ਨੂੰ ਰਾਖਵਾਂਕਰਨ ਦੇ ਰਹੀ ਹੈ, ਜੋਕਿ ਬਹੁਤ ਵੱਡਾ ਕੰਮ ਹੋਵੇਗਾ।
ਮਹਿਲਾ ਰਿਜ਼ਰਵੇਸ਼ਨ ਬਿੱਲ ਦੀ ਤਾਰੀਫ ਕਰਦੇ ਹੋਏ ਸੀਮਾ ਹੈਦਰ ਨੇ ਪਾਕਿਸਤਾਨ ਬਾਰੇ ਵੀ ਕਿਹਾ ਹੈ। ਸੀਮਾ ਨੇ ਕਿਹਾ ਕਿ ਪਾਕਿਸਤਾਨ ਵਿਚ ਲੋਕਾਂ ਅਤੇ ਸਰਕਾਰ ਵੱਲੋਂ ਔਰਤਾਂ ਨੂੰ ਪੈਰਾਂ ਦੀ ਜੁੱਤੀ ਸਮਝਿਆ ਜਾਂਦਾ ਹੈ। ਇਸ ਦੇ ਨਾਲ ਹੀ, ਭਾਰਤ ਵਿੱਚ, ਔਰਤਾਂ ਨੂੰ ਦੇਵੀ ਮੰਨਿਆ ਜਾਂਦਾ ਹੈ ਅਤੇ ਬਹੁਤ ਸਤਿਕਾਰ ਦਿੱਤਾ ਜਾਂਦਾ ਹੈ। ਪ੍ਰਧਾਨ ਮੰਤਰੀ ਮੋਦੀ ਵੀ ਦੇਸ ਦੀਆਂ ਔਰਤਾਂ ਨੂੰ ਬਹੁਤ ਸਨਮਾਨ ਦੇ ਰਹੇ ਹਨ, ਜੋ ਕਿ ਖੁਸ਼ੀ ਵਾਲੀ ਗੱਲ ਹੈ।