ਚੰਡੀਗੜ੍ਹ, 28 ਸਤੰਬਰ (ਪੋਸਟ ਬਿਊਰੋ): ਪੰਜਾਬ ਦੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵੀਰਵਾਰ ਸਵੇਰੇ 6 ਦੇ ਕਰੀਬ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਜਲਾਲਾਬਾਦ ਪੁਲਿਸ ਚੰਡੀਗੜ੍ਹ ਸੈਕਟਰ 5 ਸਥਿਤ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚੀ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਖਿਲਾਫ ਨਸ਼ਾ ਤਸਕਰੀ (ਐੱਨ.ਡੀ.ਪੀ.ਐੱਸ. ਐਕਟ) ਦਾ ਪੁਰਾਣਾ ਮਾਮਲਾ ਸੀ, ਜਿਸ 'ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਜਲਦੀ ਹੀ ਉਨ੍ਹਾਂ ਨੂੰ ਜਲਾਲਾਬਾਦ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਜਾਣਕਾਰੀ ਮੁਤਾਬਕ ਸੁਖਪਾਲ ਖਹਿਰਾ ਖਿਲਾਫ 2015 ਦੇ ਇਕ ਪੁਰਾਣੇ ਡਰੱਗ ਮਾਮਲੇ ਵਿਚ ਜਾਂਚ ਚੱਲ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਨੂੰ ਡੀ.ਆਈ.ਜੀ. ਦੀ ਅਗਵਾਈ ਹੇਠ ਬਣੀ ਐੱਸ.ਆਈ.ਟੀ. ਦੀ ਰਿਪੋਰਟ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਐੱਸ.ਆਈ.ਟੀ. ਵਿੱਚ ਦੋ ਐੱਸ.ਐੱਸ.ਪੀਜ਼ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ। ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਇਹ ਝੂਠਾ ਕੇਸ ਸੀ, ਸੁਪਰੀਮ ਕੋਰਟ ਨੇ ਵੀ ਇਸ ਮਾਮਲੇ ਵਿਚ ਉਨ੍ਹਾਂ ਨੂੰ ਰਾਹਤ ਦਿੱਤੀ ਹੈ।
ਜਦੋਂ ਪੁਲਿਸ ਘਰ ਪਹੁੰਚੀ ਤਾਂ ਖਹਿਰਾ ਨੇ ਸਭ ਤੋਂ ਪਹਿਲਾਂ ਸੀਨੀਅਰ ਅਧਿਕਾਰੀ ਦੀ ਪਹਿਚਾਣ ਪੁੱਛੀ। ਜਵਾਬ ਮਿਲਿਆ ਕਿ ਉਹ ਡੀ.ਐੱਸ.ਪੀ. ਜਲਾਲਾਬਾਦ ਏ.ਆਰ. ਸ਼ਰਮਾ ਅਤੇ ਉਨ੍ਹਾਂ ਨੂੰ 2015 ਦੇ ਐੱਨ.ਡੀ.ਪੀ.ਐੱਸ. ਐਕਟ ਕੇਸ ਵਿਚ ਗ੍ਰਿਫ਼ਤਾਰ ਕਰਨ ਆਏ ਹਨ। ਇਸ ਪੂਰੀ ਘਟਨਾ ਦੌਰਾਨ ਖਹਿਰਾ ਪੁਲਿਸ ਅਧਿਕਾਰੀਆਂ ਤੋਂ ਵਾਰ-ਵਾਰ ਗ੍ਰਿਫ਼ਤਾਰੀ ਵਾਰੰਟ ਦੀ ਮੰਗ ਕਰਦੇ ਰਹੇ। ਖਹਿਰਾ ਨੇ ਦੋਸ਼ ਲਾਇਆ ਕਿ ਪੁਲਿਸ ਨੇ ਉਨ੍ਹਾਂ ਨੂੰ ਪਾਣੀ ਦੀ ਇੱਕ ਘੁੱਟ ਵੀ ਨਹੀਂ ਪੀਣ ਦਿੱਤੀ ਅਤੇ ਉਨ੍ਹਾਂ ਦੇ ਹੱਥੋਂ ਗਿਲਾਸ ਖੋਹ ਲਿਆ।