ਲੁਧਿਆਣਾ, 5 ਦਸੰਬਰ (ਗਿਆਨ ਸਿੰਘ): ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਲੁਧਿਆਣਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਆਧੁਨਿਕ ਪੰਜਾਬੀ ਸਾਹਿਤ ਦੇ ਪਿਤਾਮਾ ਭਾਈ ਵੀਰ ਸਿੰਘ ਦੇ ਜਨਮ ਦਿਨ ਮੌਕੇ ਉਨਾਂ ਦੇ ਜੀਵਨ ਤੇ ਸਾਹਿਤ ਨੂੰ ਸਮਰਪਿਤ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਕਾਲਜ ਦੇ ਤਿੰਨਾਂ ਹੀ ਭਾਸ਼ਾਵਾਂ ਦੇ ਅਧਿਆਪਕਾਂ ਨੇ ਸਿ਼ਰਕਤ ਕੀਤੀ। ਪ੍ਰੋਗਰਾਮ ਦੇ ਆਰੰਭ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਨੇ ਕਿਹਾ ਕਿ ਸਾਡੀ ਪੰਜਾਬੀ ਕੌਮ ਨੂੰ ਇਸ ਗੱਲ ਦਾ ਫ਼ਖ਼ਰ ਹੋਣਾ ਚਾਹੀਦਾ ਹੈ ਕਿ ਉਹਨਾਂ ਕੋਲ ਬਹੁਵਿਧਾਈ ਲੇਖਕ ਤੇ ਯੁੱਗ ਪੁਰਸ਼ ਭਾਈ ਵੀਰ ਸਿੰਘ ਹੈ। ਉਨਾਂ ਦਾ ਆਪਣਾ ਜੀਵਨ ਤੇ ਸਮੁੱਚੀ ਸਿਰਜਣਾ ਗੁਰਮਤਿ ਵਿਚਾਰਧਾਰਾ ਨੂੰ ਪ੍ਰਣਾਈ ਹੋਈ ਸੀ ਇਸੇ ਕਰਕੇ ਉਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਨ੍ਹਾਂ ਨੇ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਪੰਜਾਬੀ ਵਿਭਾਗ ਵੱਲੋਂ ਹਰ ਵਰ੍ਹੇ ਉਹਨਾਂ ਨੂੰ ਇਸ ਦਿਨ ਉਚੇਚੇ ਤੋਰ 'ਤੇ ਯਾਦ ਕੀਤਾ ਜਾਂਦਾ ਹੈ। ਪੰਜਾਬੀ ਵਿਭਾਗ ਦੇ ਮੁਖੀ ਪ੍ਰੋਫੈਸਰ ਸ਼ਰਨਜੀਤ ਕੌਰ ਨੇ ਇਸ ਮੌਕੇ ਭਾਈ ਵੀਰ ਸਿੰਘ ਦੀ ਸਾਹਿਤਕ ਦੇਣ ਬਾਰੇ ਵਿਚਾਰ ਸਾਂਝੇ ਕੀਤੇ। ਉਹਨਾਂ ਨੇ ਕਿਹਾ ਕਿ ਭਾਈ ਵੀਰ ਸਿੰਘ ਦੀਆਂ ਰਚਨਾਵਾਂ 21ਵੀਂ ਸਦੀ ਵਿੱਚ ਤੇ ਭਵਿੱਖ ਵਿੱਚ ਵੀ ਮਨੁੱਖ ਲਈ ਚਾਨਣ ਮੁਨਾਰਾ ਹਨ। ਉਹ ਮਨੁੱਖ ਨੂੰ ਮਨੁੱਖੀ ਗੁਣਾਂ ਨਾਲ ਜੋੜਦੇ ਹਨ ਤੇ ਕੁਦਰਤ ਨਾਲ ਪਿਆਰ ਕਰਨ ਲਈ ਪ੍ਰੇਰਦੇ ਹਨ। ਹਿੰਦੀ ਵਿਭਾਗ ਦੇ ਮੁਖੀ ਪ੍ਰੋ. ਰਜਿੰਦਰ ਕੌਰ ਮਲਹੋਤਰਾ ਨੇ ਭਾਈ ਵੀਰ ਸਿੰਘ ਦੀ ਭਾਰਤੀ ਅਰਥ ਵਿਵਸਥਾ ਨੂੰ ਵੱਡੀ ਦੇਣ ਦਾ ਜ਼ਿਕਰ ਕੀਤਾ ਉਹਨਾਂ ਨੇ ਕਿਹਾ ਕਿ ਇਹ ਭਾਈ ਵੀਰ ਸਿੰਘ ਜੀ ਦੀ ਦੂਰ ਅੰਦੇਸ਼ੀ ਸੀ ਕਿ ਉਹਨਾਂ ਨੇ 1908 ਪੰਜਾਬ ਐਂਡ ਸਿੰਧ ਬੈਂਕ ਦੀ ਸਥਾਪਨਾ ਕੀਤੀ। 1980 ਨੂੰ ਪੰਜਾਬ ਐਂਡ ਸਿੰਧ ਬੈਂਕ ਦਾ ਭਾਰਤ ਸਰਕਾਰ ਨੇ ਰਾਸ਼ਟਰੀਕਰਨ ਕੀਤਾ। ਵੱਖ ਵੱਖ ਵਿਭਾਗਾਂ ਦੇ ਅਧਿਆਪਕਾਂ ਨੇ ਉਹਨਾਂ ਦੀਆਂ ਕੁਝ ਕਵਿਤਾਵਾਂ ਇਸ ਮੌਕੇ ਸਾਂਝੀਆਂ ਕੀਤੀਆਂ। ਪੰਜਾਬੀ ਵਿਭਾਗ ਦੇ ਅਧਿਆਪਕ ਡਾਕਟਰ ਗੁਰਪ੍ਰੀਤ ਸਿੰਘ ਨੇ ਸਭ ਦਾ ਰਸਮੀ ਤੌਰ 'ਤੇ ਧੰਨਵਾਦ ਕੀਤਾ। ਇਸ ਮੌਕੇ ਡਾ. ਹਰਪ੍ਰੀਤ ਸਿੰਘ ਦੂਆ, ਡਾ. ਦਲੀਪ ਸਿੰਘ, ਡਾ. ਹਰਗੁਣਜੋਤ ਕੌਰ, ਡਾ. ਮਨਦੀਪ ਕੌਰ , ਡਾ. ਤਜਿੰਦਰ ਕੌਰ ਤੇ ਰਾਜਿੰਦਰ ਸਿੰਘ ਵੀ ਹਾਜ਼ਰ ਰਹੇ।