Welcome to Canadian Punjabi Post
Follow us on

23

June 2025
 
ਪੰਜਾਬ

ਮੁੱਖ ਮੰਤਰੀ ਵੱਲੋਂ ਪੁਲਿਸ ਅਫ਼ਸਰਾਂ ਨੂੰ ਆਦੇਸ਼: ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਇਕ ਹਫ਼ਤੇ ਵਿੱਚ-ਵਿੱਚ ਜਾਇਦਾਦ ਜ਼ਬਤ ਕਰੋ

June 18, 2024 11:54 AM

-ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਲਈ ਬਹੁ-ਦਿਸ਼ਾਵੀ ਰਣਨੀਤੀ ਬਣਾਈ
-ਅਪਰਾਧੀਆਂ ਤੇ ਪੁਲਿਸ ਦੇ ਗਠਜੋੜ ਨੂੰ ਤੋੜਨ ਲਈ ਪੁਲਿਸ ਮੁਲਾਜ਼ਮਾਂ ਦੀਆਂ ਹੋਣਗੀਆਂ ਰੋਟੇਸ਼ਨ ਆਧਾਰਤ ਬਦਲੀਆਂ
-ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਹੋਰ ਅਸਾਮੀਆਂ ਸਿਰਜਣ ਦਾ ਐਲਾਨ
-ਹੁਣ ਸੂਬਾ ਸਰਕਾਰ ‘ਕਮਿਸ਼ਨ’ ਉਤੇ ਨਹੀਂ, ਸਗੋਂ ‘ਮਿਸ਼ਨ’ ਵਾਂਗ ਚੱਲ ਰਹੀ ਹੈ
-ਥਾਣਿਆਂ ਵਿੱਚ ਆਮ ਜਨਤਾ ਦੀ ਬੇਲੋੜੀ ਪ੍ਰੇਸ਼ਾਨੀ ਲਈ ਐਸ.ਐਸ.ਪੀਜ਼ ਨੂੰ ਜਵਾਬਦੇਹ ਬਣਾਇਆ ਜਾਵੇਗਾ
ਚੰਡੀਗੜ੍ਹ, 18 ਜੂਨ (ਪੋਸਟ ਬਿਊਰੋ): ਪੰਜਾਬ ਵਿੱਚ ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚੋਂ ਇਸ ਸਰਾਪ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਨੇ ਬਹੁ-ਦਿਸ਼ਾਵੀ ਰਣਨੀਤੀ ਉਲੀਕੀ ਹੈ।
ਇੱਥੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਪੁਲਿਸਿੰਗ ਵਿੱਚ ਕਈ ਸੁਧਾਰ ਲਿਆਉਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੀਆਂ ਤਿਆਰੀਆਂ ਦੌਰਾਨ ਪੰਜਾਬ ਪੁਲਿਸ ਨੇ ਬਹੁਤ ਵੱਡੀ ਮਾਤਰਾ ਵਿੱਚ ਨਕਦੀ ਤੇ ਨਸ਼ੇ ਫੜੇ ਹਨ ਅਤੇ ਨਸ਼ਿਆਂ ਦੀ ਸਪਲਾਈ ਬਾਰੇ ਅਹਿਮ ਜਾਣਕਾਰੀਆਂ ਜੁਟਾਈਆਂ ਹਨ। ਉਨ੍ਹਾਂ ਕਿਹਾ ਕਿ ਇਹ ਧਿਆਨ ਵਿੱਚ ਆਇਆ ਹੈ ਕਿ ਕਈ ਹੇਠਲੇ ਪੱਧਰ ਦੇ ਪੁਲਿਸ ਮੁਲਾਜ਼ਮਾਂ ਦੀ ਨਸ਼ਾ ਤਸਕਰਾਂ ਨਾਲ ਗੰਢ-ਤੁੱਪ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਹਿਮ ਪਹਿਲਕਦਮੀ ਕਰਦਿਆਂ ਸੂਬਾ ਸਰਕਾਰ ਨੇ ਦਰਜਾਬੰਦੀ ਵਿੱਚ ਸੱਭ ਤੋਂ ਹੇਠਲੇ ਪੱਧਰ ਉਤੇ ਆਉਂਦੇ ਅਤੇ ਲੰਮੇ ਸਮੇਂ ਤੋਂ ਇਕੋ ਥਾਈਂ ਤਾਇਨਾਤ ਪੁਲਿਸ ਮੁਲਾਜ਼ਮਾਂ ਦੀਆਂ ਵੱਡੇ ਪੱਧਰ ਉਤੇ ਬਦਲੀਆਂ ਕੀਤੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਡਿਵੀਜ਼ਨਾਂ ਵਿੱਚ ਤਾਇਨਾਤ 10 ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ ਅਤੇ ਤਾਇਨਾਤੀਆਂ ਵਿੱਚ ਰੋਟੇਸ਼ਨ ਦੀ ਪ੍ਰਕਿਰਿਆ ਚੱਲ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੀ ਸਮਗਲਿੰਗ ਨੂੰ ਠੱਲ੍ਹ ਪਾਉਣ ਲਈ ਕਦਮ ਚੁੱਕਿਆ ਗਿਆ ਹੈ ਕਿਉਂਕਿ ਉਨ੍ਹਾਂ ਨੂੰ ਰਿਪੋਰਟਾਂ ਮਿਲੀਆਂ ਹਨ ਕਿ ਹੇਠਲੇ ਪੱਧਰ ਉਤੇ ਕਈ ਪੁਲਿਸ ਅਫ਼ਸਰਾਂ ਦੀ ਨਸ਼ਾ ਤਸਕਰਾਂ ਨਾਲ ਸਾਂਝ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵਿਚਲੀਆਂ ਇਨ੍ਹਾਂ ਕਾਲੀਆਂ ਭੇਡਾਂ ਦੀ ਸ਼ਨਾਖ਼ਤ ਕੀਤੀ ਜਾਵੇਗੀ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਜੇ ਕੋਈ ਨਸ਼ਿਆਂ ਦੀ ਸਮਗਲਿੰਗ ਵਿੱਚ ਸ਼ਾਮਲ ਪਾਇਆ ਗਿਆ ਤਾਂ ਪੁਲਿਸ ਇਕ ਹਫ਼ਤੇ ਦੇ ਅੰਦਰ-ਅੰਦਰ ਉਸ ਦੀ ਜਾਇਦਾਦ ਜ਼ਬਤ ਕਰੇਗੀ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਸ ਨੀਤੀ ਨੂੰ ਮਿਸ਼ਨਰੀ ਭਾਵਨਾ ਨਾਲ ਲਾਗੂ ਕਰਨ ਲਈ ਕਿਹਾ ਗਿਆ ਤਾਂ ਕਿ ਨਸ਼ਾ ਤਸਕਰੀ ਨੂੰ ਠੱਲ੍ਹਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਕਾਰਜਕੁਸ਼ਲਤਾ ਵਧਾਉਣ ਲਈ ਫੋਰਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਸਿਰਜਣ ਦਾ ਫੈਸਲਾ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਆਉਣ ਵਾਲੇ ਸਮੇਂ ਵਿੱਚ ਇਕ ਪਾਸੇ ਅਪਰਾਧ ਨੂੰ ਰੋਕਣ ਵਿੱਚ ਮਦਦ ਮਿਲੇਗੀ, ਦੂਜੇ ਪਾਸੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੰਜਾਬ ਪੁਲਿਸ ਨੂੰ ਅਤਿ-ਆਧੁਨਿਕ ਤਕਨਾਲੋਜੀ ਨਾਲ ਲੈਸ ਕੀਤਾ ਗਿਆ ਹੈ ਅਤੇ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸੜਕ ਸੁਰੱਖਿਆ ਫੋਰਸ ਸਫ਼ਲਤਾਪੂਰਵਕ ਕੰਮ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਫੋਰਸ ਨੇ ਆਪਣੀ ਹੋਂਦ ਤੋਂ ਬਾਅਦ ਹੁਣ ਤੱਕ ਸੜਕ ਹਾਦਸਿਆਂ ਤੋਂ ਬਾਅਦ ਦੋ ਹਜ਼ਾਰ ਤੋਂ ਵੱਧ ਕੀਮਤੀ ਜਾਨਾਂ ਬਚਾਈਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਨਸ਼ਿਆਂ ਵਿਰੁੱਧ ਜੰਗ ਨੂੰ ਸੂਬੇ ਦੀ ਭਲਾਈ ਲਈ ਜਨਤਕ ਲਹਿਰ ਵਿੱਚ ਬਦਲਣ ਲਈ ਆਖਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਉਹ ਦਿਨ ਚਲੇ ਗਏ, ਜਦੋਂ ਸੂਬਾ ਸਰਕਾਰ ‘ਕਮਿਸ਼ਨ’ ਉਤੇ ਚੱਲਦੀ ਸੀ। ਹੁਣ ਤਾਂ ਸਰਕਾਰ ‘ਮਿਸ਼ਨ’ ਵਾਂਗ ਚੱਲ ਰਹੀ ਹੈ। ਇਸੇ ਤਰ੍ਹਾਂ ਸੂਬੇ ਵਿੱਚ ਸਮਗਲਿੰਗ ਲਈ ਡਰੋਨਾਂ ਦੀ ਵਰਤੋਂ ਕਰਨ ਵਾਲੇ ਸਮਗਲਰਾਂ, ਗੈਂਗਸਟਰਾਂ ਤੇ ਅਤਿਵਾਦੀਆਂ ਨਾਲ ਸਿੱਝਣ ਲਈ ਤਫ਼ਸੀਲ ਨਾਲ ਰਣਨੀਤੀ ਬਣਾਈ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨਸ਼ਿਆਂ ਵਿਰੁੱਧ ਦੇਸ਼ ਦੀ ਲੜਾਈ ਲੜ ਰਿਹਾ ਹੈ ਅਤੇ ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਬਿਲਕੁੱਲ ਵੀ ਨਸ਼ਾ ਪੈਦਾ ਨਹੀਂ ਹੁੰਦਾ, ਸਗੋਂ ਹੋਰ ਸੂਬਿਆਂ ਤੇ ਸਰਹੱਦ ਪਾਰੋਂ ਨਸ਼ਾ ਸਮਗਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਥਾਣਿਆਂ ਵਿੱਚ ਰੋਜ਼ਾਨਾ ਦੇ ਕੰਮਕਾਜ ਲਈ ਆਉਣ ਵਾਲੇ ਲੋਕਾਂ ਨਾਲ ਸਤਿਕਾਰ ਨਾਲ ਪੇਸ਼ ਆਉਣ ਲਈ ਕਿਹਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਥਾਣਿਆਂ ਵਿੱਚ ਆਉਣ ਵਾਲੇ ਆਮ ਲੋਕਾਂ ਦੀ ਬੇਲੋੜੀ ਪ੍ਰੇਸ਼ਾਨੀ ਲਈ ਸਬੰਧਤ ਜ਼ਿਲ੍ਹੇ ਦੇ ਐਸ.ਐਸ.ਪੀਜ਼ ਨੂੰ ਜਵਾਬਦੇਹ ਬਣਾਇਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਵਿਧਾਇਕਾਂ ਤੇ ਹੋਰ ਚੁਣੇ ਹੋਏ ਨੁਮਾਇੰਦਿਆਂ ਨੂੰ ਬਣਦਾ ਮਾਣ-ਸਤਿਕਾਰ ਦੇਣ ਲਈ ਆਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਭ੍ਰਿਸ਼ਟਾਚਾਰ ਤੇ ਨਸ਼ਿਆਂ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਰਣਨੀਤੀ ਅਪਣਾਈ ਹੈ ਅਤੇ ਇਸ ਕਾਰਜ ਵਿੱਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਘਿਨਾਉਣੇ ਅਪਰਾਧਾਂ ਵਿੱਚ ਚਾਹੇ ਕੋਈ ਵੀ ਸ਼ਾਮਲ ਕਿਉਂ ਨਾ ਹੋਵੇ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਨਸ਼ੇ ਵੇਚ ਕੇ ਸਾਡੀਆਂ ਪੀੜੀਆਂ ਦਾ ‘ਨਸਲਘਾਤ’ ਕਰਨ ਵਾਲੇ ਇਨ੍ਹਾਂ ਲੋਕਾਂ ਬਾਰੇ ਸੂਬਾ ਸਰਕਾਰ ਅੱਖਾਂ ਮੀਟ ਕੇ ਨਹੀਂ ਬੈਠ ਸਕਦੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਲੋਕਾਂ ਨੂੰ ਮਿਸਾਲੀ ਸਜ਼ਾ ਦਿਵਾਏਗੀ ਤਾਂ ਕਿ ਹੋਰ ਲੋਕਾਂ ਨੂੰ ਅਜਿਹੇ ਘਿਨਾਉਣੇ ਕਾਰਿਆਂ ਵਿੱਚ ਸ਼ਾਮਲ ਹੋਣੋਂ ਰੋਕਿਆ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ਵਿੱਚ ਭਾਈਵਾਲ ਨਾ ਬਣਨ ਕਾਰਨ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨਿਰਾਸ਼ ਹਨ। ਉਨ੍ਹਾਂ ਕਿਹਾ ਕਿ ਇਸੇ ਨਿਰਾਸ਼ਾ ਕਾਰਨ ਸਾਬਕਾ ਸੰਸਦ ਮੈਂਬਰ ਵੱਲੋਂ ਸੂਬਾ ਸਰਕਾਰ ਖ਼ਿਲਾਫ਼ ਬੇਬੁਨਿਆਦ ਬਿਆਨ ਜਾਰੀ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਸਿਰਫ਼ ਆਪਣੇ ਨਿੱਜੀ ਸੁਆਰਥਾਂ ਦੀ ਚਿੰਤਾ ਹੈ, ਜਦੋਂ ਕਿ ਮੁੱਖ ਮੰਤਰੀ ਹੋਣ ਦੇ ਨਾਤੇ ਉਹ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਚਿੰਤਤ ਹਨ।
ਮੁੱਖ ਮੰਤਰੀ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਲੰਮੇ ਸਮੇਂ ਤੱਕ ਚੋਣ ਜ਼ਾਬਤਾ ਲਾਗੂ ਰਹਿਣ ਕਾਰਨ ਸੂਬੇ ਵਿੱਚ ਵਿਕਾਸ ਕੰਮਾਂ ਵਿੱਚ ਖੜੋਤ ਆਈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਮੁੱਚੇ ਵਿਕਾਸ ਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਸੂਬਾ ਸਰਕਾਰ ਵਚਨਬੱਧ ਹੈ ਅਤੇ ਲੋਕਾਂ ਦੀ ਭਲਾਈ ਲਈ ਸੂਬਾ ਸਰਕਾਰ ਮੁੜ ਹਰਕਤ ਵਿੱਚ ਆਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜ਼ਮੀਨੀ ਪੱਧਰ ਤੋਂ ਲੋਕਾਂ ਪਾਸੋਂ ਪ੍ਰਤੀਕਰਮ ਲੈ ਕੇ ਸੂਬਾ ਸਰਕਾਰ, ਲੋਕਾਂ ਦੀ ਭਲਾਈ ਲਈ ਵੱਖ-ਵੱਖ ਰਣਨੀਤੀਆਂ ਬਣਾ ਰਹੀ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਫਿਰੋਜ਼ਪੁਰ ਪੁਲਿਸ ਦੋ ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ, 25 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਤੂੜੀ ਦੀ ਟਰਾਲੀ ਨਾਲ ਟਕਰਾਇਆ ਮੋਟਰਸਾਈਕਲ, ਫਤਹਿਗੜ੍ਹ ਚੂੜੀਆਂ ਵਿੱਚ 2 ਨਾਬਾਲਿਗਾਂ ਦੀ ਮੌਤ ਬਨੂੜ ਨੇੜੇ ਖੇਤਾਂ ਵਿੱਚ ਖੜ੍ਹੀ ਇੱਕ ਫਾਰਚੂਨਰ ਕਾਰ ਵਿੱਚੋਂ ਇੱਕੋ ਪਰਿਵਾਰ ਦੇ 3 ਜੀਆਂ ਦੀਆਂ ਮਿਲੀਆਂ ਲਾਸ਼ਾਂ 'ਆਪ' ਨੇ ਲੁਧਿਆਣਾ ਦੀ ਉਪ ਚੋਣ ਜਿੱਤੀ, ਕਾਂਗਰਸ ਨੂੰ 10637 ਵੋਟਾਂ ਨਾਲ ਹਰਾਇਆ ਦੋਰਾਹੇ ਕੋਲ ਨਹਿਰ `ਚ ਡਿੱਗੀ ਕਾਰ, ਦੋ ਦੀ ਮੌਤ ਵਿਜੀਲੈਂਸ ਬਿਊਰੋ ਨੇ 50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਰਿਕਵਰੀ ਏਜੰਟ ਨੂੰ ਗ੍ਰਿਫ਼ਤਾਰ ਕੀਤਾ ਅੰਮ੍ਰਿਤਸਰ ਪੁਲਿਸ ਨੇ ਜਾਸੂਸੀ ਗਤੀਵਿਧੀਆਂ `ਚ ਸ਼ਾਮਿਲ ਦੋ ਸ਼ੱਕੀਆਂ ਨੂੰ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ ਵਿਖੇ ਹੋਈ ਵਰਕਿੰਗ ਜਰਨਲਿਸਟਸ ਆਫ਼ ਇੰਡੀਆ ਦੀ ਮੀਟਿੰਗ ਵਿਸ਼ਵ ਖੂਨਦਾਨ ਦਿਵਸ ਮੌਕੇ ਸਿਵਲ ਹਸਪਤਾਲ ਮੋਗਾ ਵਿਖੇ ਖੂਨਦਾਨ ਕਰਨ ਵਾਲੇ ਦਾਨੀਆਂ ਨੂੰ ਕੀਤਾ ਸਨਮਾਨਿਤ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਉਪ-ਚੇਅਰਪਰਸਨ ਗੂੰਜੀਤ ਰੁਚੀ ਬਾਵਾ ਵੱਲੋਂ ਮੋਗਾ ਦੇ ਉੱਚ ਪੱਧਰੀ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਮੀਟਿੰਗ