ਨਵੀਂ ਦਿੱਲੀ, 13 ਅਗਸਤ (ਪੋਸਟ ਬਿਊਰੋ): ਪਤੰਜਲੀ ਆਯੂਰਵੇਦ ਅਤੇ ਯੋਗ ਗੁਰੂ ਸਵਾਮੀ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਰਾਹਤ ਦਿੰਦੇ ਹੋਏ ਸੁਪਰੀਮ ਕੋਰਟ ਨੇ ਉਨ੍ਹਾਂ ਖਿਲਾਫ ਅਦਾਲਤੀ ਮਾਣਹਾਨੀ ਦਾ ਕੇਸ ਬੰਦ ਕਰ ਦਿੱਤਾ ਹੈ।
ਅਦਾਲਤ ਨੇ ਦੋਨਾਂ ਨੂੰ ਸਖ਼ਤ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਉਹ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਕੁਝ ਕਰਦੇ ਹਨ, ਜਿਵੇਂ ਕਿ ਪਹਿਲਾਂ ਹੋਇਆ ਸੀ, ਤਾਂ ਅਦਾਲਤ ਸਖ਼ਤ ਸਜ਼ਾ ਦੇਵੇਗੀ।
ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਹਿਸਾਨੁਦੀਨ ਅਮਾਨਉੱਲ੍ਹਾ ਦੀ ਬੈਂਚ ਨੇ ਮੰਗਲਵਾਰ ਨੂੰ ਇਹ ਫੈਸਲਾ ਸੁਣਾਇਆ। 14 ਮਈ ਨੂੰ ਸੁਪਰੀਮ ਕੋਰਟ ਨੇ ਮਾਣਹਾਨੀ ਨੋਟਿਸ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਸੁਪਰੀਮ ਕੋਰਟ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਪਟੀਸ਼ਨ 'ਤੇ ਸੁਣਵਾਈ ਕੀਤੀ ਸੀ, ਜਿਸ 'ਚ ਕੋਵਿਡ ਟੀਕਾਕਰਨ ਅਤੇ ਐਲੋਪੈਥੀ ਨੂੰ ਬਦਨਾਮ ਕਰਨ ਦਾ ਦੋਸ਼ ਲਗਾਇਆ ਗਿਆ ਸੀ।