ਸ੍ਰੀ ਮੁਕਤਸਰ ਸਾਹਿਬ, 9 ਸਤੰਬਰ (ਪੋਸਟ ਬਿਊਰੋ): ਦਸਮੇਸ਼ ਗਰਲਜ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਾਦਲ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਰਾਜੇਸ਼ ਤ੍ਰਿਪਾਠੀ, ਆਈ.ਏ.ਐੱਸ ਵੱਲੋਂ ਅੱਜ ਸਕੂਲ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸਕੂਲ ਦੇ ਪ੍ਰਿੰਸੀਪਲ ਤੇ ਪ੍ਰਸ਼ਾਸਕੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਕੂਲ ਵਿੱਚ ਚਲ ਰਹੇ ਕੰਮਾਂ ਬਾਰੇ ਜਾਣਕਾਰੀ ਹਾਸਲ ਕਰਕੇ ਭਵਿੱਖੀ ਵਿਕਾਸ ਦੀਆਂ ਯੋਜਨਾਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ।
ਉਨ੍ਹਾਂ ਸਕੂਲ ਦੇ ਸਮੂਹ ਸਟਾਫ਼ ਨਾਲ ਦੇਸ਼ ਦੇ ਭਵਿੱਖ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਮਹੱਤਵਪੂਰਨ ਨੁਕਤੇ ਸਾਂਝੇ ਕੀਤੇ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਆਪਕਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਨੂੰ ਦਿਲੋਂ ਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।
ਉਹਨਾਂ ਵਿਦਿਆਰਥੀਆਂ ਵੱਲੋਂ ਬਣਾਏ ਗਏ ਵਿਗਿਆਨ ਵਿਸ਼ੇ ਨਾਲ ਸਬੰਧਤ ਮਾਡਲਾਂ ਵਿੱਚ ਡੂੰਘੀ ਦਿਲਚਸਪੀ ਜ਼ਾਹਰ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਕਿਸੇ ਇਕ ਵਿਸ਼ੇ ਜਿਨ੍ਹਾਂ ਵਿੱਚ ਉਹ ਰੁਚੀ ਰੱਖਦੇ ਹੋਣ ਜਾਂ ਉਸ ਵਿਸ਼ੇ ਨਾਲ ਸਬੰਧਤ ਖਾਸ ਮੁਹਾਰਤ ਹੋਵੇ ਜਿਵੇਂ ਕਿ ਵਿਗਿਆਨ ਵਿਸ਼ੇ ਨਾਲ ਜਾਂ ਖੇਡਾਂ ਨਾਲ ਜਾਂ ਕੋਈ ਹੋਰ ਮਨਪਸੰਧਦ ਵਿਸ਼ੇ ਵਿੱਚ ਖਾਸ ਤੌਰ ’ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਖੇਡਾਂ ਵੱਲ ਵੀ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ, ਜਿਵੇਂ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਜਾ ਰਹੀਆਂ ਹਨ, ਵਿਦਿਆਰਥੀਆਂ ਵੱਲੋਂ ਵੀ ਇਨ੍ਹਾਂ ਖੇਡਾਂ ਵਿੱਚ ਭਾਗ ਲੈ ਕੇ ਤੰਦਰੁਸਤ ਰਿਹਾ ਜਾ ਸਕਦਾ ਹੈ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਰਿਤੂ ਨੰਦਾ ਨੇ ਸਕੂਲ ਦੇ ਸਟਾਫ਼ ਅਤੇ ਵਿਦਿਆਰਥੀਆਂ ਨਾਲ ਸਾਂਝੇ ਕੀਤੇ ਨੁਕਤਿਆਂ ਬਾਰੇ ਡਿਪਟੀ ਕਮਿਸ਼ਨਰ ਦਾ ਧੰਨਵਾਦ ਕੀਤਾ।