ਨਵੀਂ ਦਿੱਲੀ, 13 ਸਤੰਬਰ (ਪੋਸਟ ਬਿਊਰੋ): ਰਾਸ਼ਟਰੀ ਰਾਜਧਾਨੀ ਦਿੱਲੀ ਦੇ ਨਬੀ ਕਰੀਮ ਖੇਤਰ ਵਿੱਚ ਸ਼ੁੱਕਰਵਾਰ ਸਵੇਰੇ ਮੀਂਹ ਪੈਣ ਕਾਰਨ ਇੱਕ ਦਰਗਾਹ ਦੀ ਕੰਧ ਡਿੱਗ ਗਈ, ਜਿਸ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਦਿੱਲੀ ਫਾਇਰ ਸਰਵਿਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਸਵੇਰੇ 7 ਵਜੇ ਮਿਲੀ, ਜਿਸ ਤੋਂ ਬਾਅਦ ਤਿੰਨ ਅੱਗ ਬੁਝਾਊ ਗੱਡੀਆਂ ਨੂੰ ਮੌਕੇ 'ਤੇ ਭੇਜਿਆ ਗਿਆ। ਅਧਿਕਾਰੀ ਨੇ ਦੱਸਿਆ ਕਿ ਦੋ ਲੋਕਾਂ ਨੂੰ ਬਚਾ ਲਿਆ ਗਿਆ ਹੈ ਪਰ ਕੁਝ ਲੋਕਾਂ ਦੇ ਅਜੇ ਵੀ ਕੰਧ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖਦਸ਼ਾ ਹੈ।
ਉਨ੍ਹਾਂ ਦੱਸਿਆ ਕਿ ਬਚਾਅ ਕਾਰਜ ਤੋਂ ਬਾਅਦ ਮਲਬੇ ਹੇਠ ਦੱਬੇ ਇੱਕ ਵਿਅਕਤੀ ਨੂੰ ਬਾਹਰ ਕੱਢ ਕੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਸਵੇਰੇ ਕਰੀਬ 6:45 ਵਜੇ ਵਾਪਰੀ। ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਰਹਿਮਤ (35) ਵਾਸੀ ਹਰਦੋਈ, ਉੱਤਰ ਪ੍ਰਦੇਸ਼ ਵਜੋਂ ਹੋਈ ਹੈ।
ਉਨ੍ਹਾਂ ਨੇ ਦੱਸਿਆ ਕਿ ਈ-ਰਿਕਸ਼ਾ ਚਾਲਕ ਰਹਿਮਤ ਕੰਧ ਹੇਠਾਂ ਬਣੀ ਆਰਜ਼ੀ ਰਿਹਾਇਸ਼ 'ਚ ਰਹਿੰਦਾ ਸੀ। ਹਾਦਸੇ 'ਚ ਦੋ ਹੋਰ ਲੋਕ ਜ਼ਖਮੀ ਹੋ ਗਏ ਹਨ ਅਤੇ ਉਨ੍ਹਾਂ ਦਾ ਇਲਾਜ ਜਾਰੀ ਹੈ।