ਨਵੀਂ ਦਿੱਲੀ, 1 ਅਕਤੂਬਰ (ਪੋਸਟ ਬਿਊਰੋ): ਸੁਪਰੀਮ ਕੋਰਟ ਨੇ ਬੁਲਡੋਜ਼ਰ ਦੀ ਕਾਰਵਾਈ ਦੇ ਮਾਮਲੇ 'ਚ ਮੰਗਲਵਾਰ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਸੁਣਵਾਈ ਦੌਰਾਨ ਜਸਟਿਸ ਬੀ.ਆਰ.ਗਵਈ ਅਤੇ ਜਸਟਿਸ ਵਿਸ਼ਵਨਾਥਨ ਦੇ ਬੈਂਚ ਨੇ ਕਿਹਾ ਕਿ ਫੈਸਲਾ ਆਉਣ ਤੱਕ ਦੇਸ਼ ਭਰ ਵਿੱਚ ਬੁਲਡੋਜ਼ਰ ਦੀ ਕਾਰਵਾਈ 'ਤੇ ਪਾਬੰਦੀ ਜਾਰੀ ਰਹੇਗੀ।
ਬੈਂਚ ਨੇ ਇਹ ਵੀ ਕਿਹਾ ਕਿ ਅਦਾਲਤੀ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪੀੜਤਾਂ ਦੀ ਜਾਇਦਾਦ ਵਾਪਿਸ ਕੀਤੀ ਜਾਵੇਗੀ, ਜਿਸ ਦਾ ਮੁਆਵਜ਼ਾ ਵੀ ਦੋਸ਼ੀ ਅਧਿਕਾਰੀਆਂ ਤੋਂ ਵਸੂਲਿਆ ਜਾਵੇਗਾ।
ਸੁਣਵਾਈ ਕਰਦਿਆਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਰਾਜਸਥਾਨ ਸਰਕਾਰਾਂ ਦਾ ਪੱਖ ਪੇਸ਼ ਕੀਤਾ। ਨਾਲ ਹੀ ਕਿਹਾ ਕਿ ਇਕ ਵਿਸ਼ੇਸ਼ ਭਾਈਚਾਰੇ 'ਤੇ ਬੁਲਡੋਜ਼ਰ ਦੀ ਕਾਰਵਾਈ ਕੀਤੇ ਜਾਣ ਦੇ ਦੋਸ਼ ਲੱਗੇ ਹਨ।
ਇਸ 'ਤੇ ਜਸਟਿਸ ਗਵਈ ਨੇ ਕਿਹਾ ਕਿ ਅਸੀਂ ਧਰਮ ਨਿਰਪੱਖ ਦੇਸ਼ ਹਾਂ। ਅਸੀਂ ਜੋ ਵੀ ਤੈਅ ਕਰ ਰਹੇ ਹਾਂ, ਉਹ ਪੂਰੇ ਦੇਸ਼ ਲਈ ਹੋਵੇਗਾ। ਮੰਦਰ ਹੋਵੇ ਜਾਂ ਦਰਗਾਹ, ਇਸ ਨੂੰ ਹਟਾਉਣਾ ਸਹੀ ਹੋਵੇਗਾ ਕਿਉਂਕਿ ਜਨਤਾ ਦੀ ਸੁਰੱਖਿਆ ਸਭ ਤੋਂ ਪਹਿਲਾਂ ਆਉਂਦੀ ਹੈ।