ਵਾਸਿ਼ੰਗਟਨ, 16 ਅਕਤੂਬਰ (ਪੋਸਟ ਬਿਊਰੋ): ਸਿੱਖ ਸਖਸ਼ੀਅਤ ਹਰਦੀਪ ਸਿੰਘ ਨਿੱਝਰ ਮਾਮਲੇ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਹੇ ਵਿਵਾਦ ਦਰਮਿਆਨ ਅਮਰੀਕਾ ਦਾ ਬਿਆਨ ਵੀ ਆਇਆ ਹੈ। ਅਮਰੀਕਾ ਨੇ ਭਾਰਤ 'ਤੇ ਜਾਂਚ 'ਚ ਸਹਿਯੋਗ ਨਾ ਦੇਣ ਦਾ ਦੋਸ਼ ਲਗਾਇਆ ਹੈ।
ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤ 'ਤੇ ਲਗਾਏ ਗਏ ਦੋਸ਼ ਬਹੁਤ ਗੰਭੀਰ ਹਨ। ਅਸੀਂ ਚਾਹੁੰਦੇ ਹਾਂ ਕਿ ਭਾਰਤ ਸਰਕਾਰ ਕੈਨੇਡਾ ਦੇ ਨਾਲ-ਨਾਲ ਜਾਂਚ ਵਿੱਚ ਮਦਦ ਕਰੇ। ਭਾਰਤ ਨੇ ਅੱਜ ਤੱਕ ਅਜਿਹਾ ਨਹੀਂ ਕੀਤਾ ਹੈ।
ਇਸ ਤੋਂ ਪਹਿਲਾਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਨੂੰ ਦਾਅਵਾ ਕੀਤਾ ਸੀ ਕਿ ਨਿੱਝਰ ਦੇ ਕਤਲ ਵਿੱਚ ਭਾਰਤ ਸਰਕਾਰ ਦੇ ਅਧਿਕਾਰੀ ਸ਼ਾਮਿਲ ਸਨ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਅਮਰੀਕਾ ਨੇ ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ 'ਤੇ ਟਿੱਪਣੀ ਕੀਤੀ ਹੈ।
ਪਿਛਲੇ ਸਾਲ ਸਤੰਬਰ ਵਿੱਚ ਕੈਨੇਡੀਅਨ ਪ੍ਰਧਾਨ ਮੰਤਰੀ ਟਰੂਡੋ ਨੇ ਸੰਸਦ ਵਿੱਚ ਨਿੱਝਰ ਦੇ ਕਤਲ ਵਿੱਚ ਭਾਰਤ ਦਾ ਹੱਥ ਹੋਣ ਦਾ ਦੋਸ਼ ਲਾਇਆ ਸੀ। ਉਦੋਂ ਵੀ ਅਮਰੀਕਾ ਨੇ ਭਾਰਤ ਨੂੰ ਜਾਂਚ ਵਿੱਚ ਸਹਿਯੋਗ ਕਰਨ ਲਈ ਕਿਹਾ ਸੀ।