ਨਵੀਂ ਦਿੱਲੀ, 17 ਅਕਤੂਬਰ (ਪੋਸਟ ਬਿਊਰੋ): ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮੰਨਿਆ ਹੈ ਕਿ ਉਨ੍ਹਾਂ ਕੋਲ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਦਾ ਹੱਥ ਹੋਣ ਦਾ ਕੋਈ ਠੋਸ ਸਬੂਤ ਨਹੀਂ ਹੈ। ਟਰੂਡੋ ਦੇ ਇਸ ਬਿਆਨ 'ਤੇ ਭਾਰਤੀ ਵਿਦੇਸ਼ ਮੰਤਰਾਲੇ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।
ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਟਰੂਡੋ ਦਾ ਬਿਆਨ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਕੈਨੇਡਾ ਨੇ ਭਾਰਤ 'ਤੇ ਲਗਾਏ ਗਏ ਦੋਸ਼ਾਂ ਦੇ ਸਮਰਥਨ ਲਈ ਕੋਈ ਸਬੂਤ ਨਹੀਂ ਦਿੱਤਾ ਹੈ। ਭਾਰਤ-ਕੈਨੇਡਾ ਰਿਸ਼ਤਿਆਂ ਵਿੱਚ ਵਿਗਾੜ ਲਈ ਸਿਰਫ਼ ਟਰੂਡੋ ਹੀ ਜਿ਼ੰਮੇਵਾਰ ਹਨ। ਦੱਸ ਦੇਈਏ ਕਿ ਇਹ ਸਾਰਾ ਮਾਮਲਾ ਪਿਛਲੇ ਸਾਲ ਜੂਨ ਵਿੱਚ ਸ਼ੁਰੂ ਹੋਇਆ ਸੀ ਜਦੋਂ ਨਿੱਝਰ ਦੀ ਬ੍ਰਿਟਿਸ਼ ਕੋਲੰਬੀਆ ਵਿੱਚ ਹੱਤਿਆ ਕਰ ਦਿੱਤੀ ਗਈ ਸੀ।
ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਨਿੱਝਰ ਦੇ ਕਤਲ ਵਿਚ ਭਾਰਤ ਦਾ ਹੱਥ ਹੋਣ ਦਾ ਦੋਸ਼ ਲਾਇਆ ਸੀ। ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ ਬੇਤੁਕਾ ਦੱਸਿਆ ਸੀ ਅਤੇ ਕਿਹਾ ਸੀ ਕਿ ਇਹ ਟਰੂਡੋ ਦਾ ਸਿਆਸੀ ਸਟੰਟ ਸੀ। ਟਰੂਡੋ ਨੇ ਵਿਦੇਸ਼ੀ ਜਾਂਚ ਤੋਂ ਪਹਿਲਾਂ ਗਵਾਹੀ ਦਿੰਦੇ ਹੋਏ ਮੰਨਿਆ ਕਿ ਉਨ੍ਹਾਂ ਦੀ ਸਰਕਾਰ ਨੇ ਭਾਰਤ 'ਤੇ ਪਹਿਲਾਂ ਠੋਸ ਸਬੂਤਾਂ ਦੀ ਬਜਾਏ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਦੋਸ਼ ਲਗਾਏ ਸਨ।
ਟਰੂਡੋ ਨੇ ਕਿਹਾ ਕਿ ਕੈਨੇਡਾ ਅਤੇ ਉਸ ਦੇ ਸਹਿਯੋਗੀਆਂ ਦੀ ਖੁਫੀਆ ਜਾਣਕਾਰੀ ਨੇ ਸੁਝਾਅ ਦਿੱਤਾ ਸੀ ਕਿ ਭਾਰਤੀ ਏਜੰਟ ਸ਼ਾਮਿਲ ਸਨ, ਪਰ ਉਨ੍ਹਾਂ ਨੇ ਮੰਨਿਆ ਕਿ ਉਸ ਸਮੇਂ ਕੋਈ ਠੋਸ ਸਬੂਤ ਨਹੀਂ ਸਨ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਕੈਨੇਡਾ ਨੇ ਭਾਰਤ ਅਤੇ ਭਾਰਤੀ ਡਿਪਲੋਮੈਟਾਂ 'ਤੇ ਲਗਾਏ ਗਏ ਗੰਭੀਰ ਦੋਸ਼ਾਂ ਦੇ ਸਮਰਥਨ ਲਈ ਸਾਨੂੰ ਕੋਈ ਸਬੂਤ ਨਹੀਂ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਰਤ-ਕੈਨੇਡਾ ਸਬੰਧਾਂ ਨੂੰ ਹੋਏ ਨੁਕਸਾਨ ਦੀ ਸਾਰੀ ਜਿ਼ੰਮੇਵਾਰੀ ਟਰੂਡੋ ਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਲਾਪਰਵਾਹੀ ਵਾਲੇ ਵਤੀਰੇ ਕਾਰਨ ਭਾਰਤ-ਕੈਨੇਡਾ ਸਬੰਧਾਂ ਨੂੰ ਹੋਏ ਨੁਕਸਾਨ ਦੀ ਜਿ਼ੰਮੇਵਾਰੀ ਇਕੱਲੇ ਪ੍ਰਧਾਨ ਮੰਤਰੀ ਟਰੂਡੋ ਦੀ ਹੈ।