Welcome to Canadian Punjabi Post
Follow us on

01

July 2025
 
ਪੰਜਾਬ

ਪੰਜਾਬ ਸਰਕਾਰ ਵੱਲੋਂ ਨਰਮੇ ਦੀ ਕਾਸ਼ਤ ਅਧੀਨ ਰਕਬੇ ਵਿੱਚ ਕੀਤਾ ਜਾਵੇਗਾ ਵਾਧਾ

March 11, 2025 10:35 AM

-ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਨੂੰ ਪੀ.ਏ.ਯੂ. ਵੱਲੋਂ ਸਿਫਾਰਿਸ਼ ਕੀਤੇ ਨਰਮੇ ਦੇ ਬੀਜ ਖ਼ਰੀਦਣ ਦੀ ਅਪੀਲ
-ਆਗਾਮੀ ਸਾਉਣੀ ਸੀਜ਼ਨ ਦੌਰਾਨ ਕਾਸ਼ਤ ਲਈ ਪੀ.ਏ.ਯੂ. ਨੇ ਪ੍ਰਮਾਣਿਤ ਅਤੇ ਸਿਫ਼ਾਰਸ਼ ਕੀਤੀਆਂ ਨਰਮੇ ਦੇ ਹਾਈਬ੍ਰਿਡ ਬੀਜਾਂ ਦੀਆਂ 87 ਕਿਸਮਾਂ
-ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਬੀਜ ਅਤੇ ਖਾਦ ਸਟੋਰਾਂ ਦੀ ਨਿਯਮਤ ਚੈਕਿੰਗ ਸਣੇ ਮਿਆਰੀ ਬੀਜਾਂ ਤੇ ਖਾਦਾਂ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਆਦੇਸ਼
ਚੰਡੀਗੜ੍ਹ, 11 ਮਾਰਚ (ਪੋਸਟ ਬਿਊਰੋ): ਨਰਮੇ ਦੇ ਬਿਜਾਈ ਸੀਜ਼ਨ ਦੀ ਸ਼ੁਰੂਆਤ ਦੇ ਮੱਦੇਨਜ਼ਰ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸੂਬੇ ਭਰ ਦੇ ਕਿਸਾਨਾਂ ਲਈ ਪੰਜਾਬ ਖੇਤਬਾੜੀ ਯੂਨੀਵਰਸਿਟੀ (ਪੀ.ਏ.ਯੂ.) ਵੱਲੋਂ ਪ੍ਰਮਾਣਿਤ ਕਪਾਹ ਦੇ ਬੀਜਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਂਦਿਆਂ 'ਚਿੱਟਾ ਸੋਨਾ' ਵਜੋਂ ਜਾਣੀ ਜਾਂਦੀ ਨਰਮੇ ਦੀ ਫਸਲ ਅਧੀਨ ਰਕਬੇ ਨੂੰ ਵਧਾਉਣ ਸਬੰਧੀ ਯਤਨਾਂ ਵਿੱਚ ਤੇਜ਼ੀ ਲਿਆਂਦੀ ਹੈ।
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵਧੀਕ ਮੁੱਖ ਸਕੱਤਰ ਖੇਤੀਬਾੜੀ ਅਨੁਰਾਗ ਵਰਮਾ ਅਤੇ ਪੀ.ਏ.ਯੂ. ਦੇ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨਾਲ ਮਿਲ ਕੇ ਇਥੇ ਆਪਣੇ ਦਫ਼ਤਰ ਵਿੱਚ ਆਗਾਮੀ ਸਾਉਣੀ ਸੀਜ਼ਨ ਦੀਆਂ ਫ਼ਸਲਾਂ ਦੀ ਬਿਜਾਈ ਲਈ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪੀ.ਏ.ਯੂ. ਨੇ ਆਗਾਮੀ ਸਾਉਣੀ ਸੀਜ਼ਨ ਦੌਰਾਨ ਸੂਬੇ ਵਿੱਚ ਕਾਸ਼ਤ ਲਈ ਨਰਮੇ ਦੇ ਬੀਜਾਂ ਦੀਆਂ 87 ਹਾਈਬ੍ਰਿਡ ਕਿਸਮਾਂ ਦੀ ਸਿਫ਼ਾਰਸ਼ ਕੀਤੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਵਧੇਰੇ ਝਾੜ ਲੈਣ ਲਈ ਸਿਫ਼ਾਰਸ਼ ਕੀਤੇ ਪ੍ਰਮਾਣਿਤ ਬੀਜਾਂ ਦੀ ਹੀ ਵਰਤੋਂ ਕਰਨ ਦੀ ਅਪੀਲ ਕੀਤੀ।
ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਗੁਲਾਬੀ ਸੁੰਡੀ ਦੇ ਹਮਲੇ ਨਾਲ ਨਜਿੱਠਣ ਲਈ ਵਿਭਾਗ ਵੱਲੋਂ ਸੱਤ ਦੱਖਣ-ਪੱਛਮੀ ਜਿ਼ਲ੍ਹਿਆਂ, ਬਠਿੰਡਾ ਵਿੱਚ 70, ਫਾਜ਼ਿਲਕਾ-41, ਸ੍ਰੀ ਮੁਕਤਸਰ ਸਾਹਿਬ-62, ਮਾਨਸਾ-42, ਸੰਗਰੂਰ-20, ਬਰਨਾਲਾ-16, ਫਰੀਦਕੋਟ-13, ਕੁੱਲ 264 ਨੋਡਲ ਅਫਸਰ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਧਿਕਾਰੀਆਂ ਨੂੰ ਪਿਛਲੇ ਸੀਜ਼ਨ ਤੋਂ ਕਪਾਹ ਦੇ ਛਟੀਆਂ ਅਤੇ ਰਹਿੰਦ-ਖੂੰਹਦ ਦੇ ਨਿਪਟਾਰੇ ਦਾ ਕੰਮ ਸੌਂਪਿਆ ਗਿਆ ਹੈ। ਇਹ ਥਾਵਾਂ ਗੁਲਾਬੀ ਸੁੰਡੀ ਦੇ ਪ੍ਰਜਨਨ ਦੇ ਆਧਾਰ ਵਜੋਂ ਕੰਮ ਕਰਦੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕੁੱਲ ਨਰਮੇ ਕਪਾਹ ਦੀਆਂ ਛਟੀਆਂ ਦੇ ਢੇਰਾਂ ਦੀ ਲਗਭਗ 32 ਫ਼ੀਸਦ ਪ੍ਰਬੰਧਨ/ਸਫ਼ਾਈ ਕਰਵਾਇਆ ਜਾ ਚੁੱਕਾ ਹੈ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਚਿੱਟੀ ਮੱਖੀ ਦੇ ਪ੍ਰਬੰਧਨ ਲਈ ਕਪਾਹ ਪੱਟੀ ਵਿੱਚ ਨਦੀਨਾਂ ਦੇ ਖਾਤਮੇ ਸਬੰਧੀ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ, ਹੋਰ ਵਿਭਾਗਾਂ ਅਤੇ ਮਗਨਰੇਗਾ ਵਰਕਰਾਂ ਦੇ ਸਹਿਯੋਗ ਨਾਲ ਸੜਕਾਂ ਤੇ ਨਹਿਰਾਂ ਦੇ ਕੰਢਿਆਂ ਅਤੇ ਖਾਲੀ ਪਈਆਂ ਥਾਵਾਂ ਆਦਿ 'ਤੇ ਖੜ੍ਹੇ ਨਦੀਨਾਂ ਨੂੰ ਨਸ਼ਟ ਕੀਤਾ ਜਾ ਰਿਹਾ ਹੈ। ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਗਿੰਨਿੰਗ ਫੈਕਟਰੀਆਂ ਵਿੱਚ ਗੁਲਾਬੀ ਸੁੰਡੀ ਦੀ ਰੋਕਥਾਮ ਸਬੰਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਗੁਲਾਬੀ ਸੁੰਡੀ ਦੇ ਲਾਰਵੇ ਦੀ ਰੋਕਥਾਮ ਲਈ ਕਪਾਹ ਦੇ ਸਟਾਕ ਦੀ ਫਿਊਮੀਗੇਸ਼ਨ ਕੀਤੀ ਜਾਵੇਗੀ।
ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ, ਸ.ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਖੇਤੀਬਾੜੀ ਸਬੰਧੀ ਸਾਰੀਆਂ ਖਰੀਦਾਂ ਖਾਸ ਕਰਕੇ ਬੀਜਾਂ ਅਤੇ ਖਾਦਾਂ ਦੀਆਂ ਉਚਿਤ ਰਸੀਦਾਂ/ਬਿੱਲ ਪ੍ਰਾਪਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਰਸੀਦਾਂ ਉਤਪਾਦ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਵਿਵਾਦਾਂ ਜਾਂ ਘਟੀਆ ਵਸਤਾਂ ਦੇ ਮਾਮਲੇ ਵਿੱਚ ਕਾਨੂੰਨੀ ਸੁਰੱਖਿਆ ਪ੍ਰਦਾਨ ਕਰਨ ਲਈ ਜ਼ਰੂਰੀ ਹਨ।
ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਮਿਆਰੀ ਬੀਜਾਂ ਅਤੇ ਖਾਦਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਅਤੇ ਬੀਜ ਤੇ ਖਾਦ ਸਟੋਰਾਂ ਦੀ ਨਿਯਮਤ ਚੈਕਿੰਗ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਪਹੁੰਚ ਦਾ ਉਦੇਸ਼ ਕਿਸਾਨਾਂ ਨੂੰ ਸੰਭਾਵੀ ਤੌਰ 'ਤੇ ਨੁਕਸਾਨਦੇਹ ਜਾਂ ਬੇਲੋੜੀਆਂ ਖੇਤੀ ਲਾਗਤਾਂ ਤੋਂ ਬਚਾਉਣਾ ਹੈ।
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਨੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਉਹ ਦੱਖਣ-ਪੱਛਮੀ ਜ਼ਿਲ੍ਹਿਆਂ ਵਿੱਚ ਕਪਾਹ ਦੀ ਬਿਜਾਈ ਲਈ ਸਮੇਂ ਸਿਰ ਨਹਿਰੀ ਪਾਣੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਜਲ ਸਰੋਤ ਵਿਭਾਗ ਨਾਲ ਮਿਲ ਕੇ ਕੰਮ ਕਰ ਰਹੇ ਹਨ। ਖੇਤੀਬਾੜੀ ਵਿਭਾਗ ਵੱਲੋਂ ਪਹਿਲਾਂ ਹੀ ਜਲ ਸਰੋਤ ਵਿਭਾਗ ਨੂੰ ਪਾਣੀ ਦੀਆਂ ਲੋੜਾਂ ਦਾ ਸ਼ਡਿਊਲ ਦੇ ਦਿੱਤਾ ਗਿਆ ਹੈ।
ਇਸ ਮੀਟਿੰਗ ਵਿੱਚ ਡਾਇਰੈਕਟ ਖੋਜ, ਪੀ.ਏ.ਯੂ. ਡਾ. ਅਜਮੇਰ ਸਿੰਘ ਢੱਟ, ਤਕਨੀਕੀ ਸਲਾਹਕਾਰ ਪੀ.ਡਬਲਿਊ.ਆਰ.ਡੀ.ਏ. ਚੰਡੀਗੜ੍ਹ ਰਾਜੇਸ਼ ਵਸ਼ਿਸ਼ਟ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ