ਕੋਲਕਾਤਾ, 30 ਅਪ੍ਰੈਲ (ਪੋਸਟ ਬਿਊਰੋ): ਪੱਛਮੀ ਬੰਗਾਲ ਦੇ ਕੋਲਕਾਤਾ ਦੇ ਮੇਚੁਆਪੱਟੀ ਇਲਾਕੇ ਵਿੱਚ ਮੰਗਲਵਾਰ ਰਾਤ ਨੂੰ ਇੱਕ ਹੋਟਲ ਵਿੱਚ ਅੱਗ ਲੱਗ ਗਈ। ਇਸ ਹਾਦਸੇ ਵਿੱਚ 14 ਲੋਕਾਂ ਦੀ ਮੌਤ ਹੋ ਗਈ। ਕਈ ਹੋਰ ਜ਼ਖਮੀ ਹੋ ਗਏ। ਇਸਦੀ ਸੂਚਨਾ ਮਿਲਣ `ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ ਅਤੇ ਅੱਗ `ਤੇ ਕਾਬੂ ਪਾਇਆ।
ਉੱਥੇ ਹੀ ਜਾਣਕਾਰੀ ਦਿੰਦੇ ਹੋਏ ਕੋਲਕਾਤਾ ਦੇ ਪੁਲਿਸ ਕਮਿਸ਼ਨਰ ਮਨੋਜ ਕੁਮਾਰ ਵਰਮਾ ਨੇ ਦੱਸਿਆ ਕਿ ਰਿਤੁਰਾਜ ਹੋਟਲ ਦੇ ਅਹਾਤੇ ਵਿੱਚ ਰਾਤ ਲਗਭਗ 8:15 ਵਜੇ ਅੱਗ ਲੱਗ ਗਈ, ਜਿਸ ਕਾਰਨ ਬੁਰਾਬਾਜ਼ਾਰ ਦੇ ਭੀੜ-ਭਾੜ ਵਾਲੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਬਹੁਤ ਸਾਰੇ ਲੋਕਾਂ ਨੂੰ ਇਮਾਰਤ ਦੀਆਂ ਖਿੜਕੀਆਂ ਅਤੇ ਤੰਗ ਕੰਧਾਂ ਰਾਹੀਂ ਭੱਜਣ ਦੀ ਕੋਸਿ਼ਸ਼ ਕਰਦੇ ਦੇਖਿਆ ਗਿਆ।
ਇਸ ਦੌਰਾਨ ਚੌਥੀ ਮੰਜਿ਼ਲ ਤੋਂ ਛਾਲ ਮਾਰਨ ਦੀ ਕੋਸਿ਼ਸ਼ ਕਰਦੇ ਹੋਏ ਕਈ ਲੋਕ ਜ਼ਖਮੀ ਹੋ ਗਏ। ਉਨ੍ਹਾਂ ਕਿਹਾ ਕਿ 14 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ਅਤੇ ਟੀਮਾਂ ਨੇ ਕਈ ਲੋਕਾਂ ਨੂੰ ਬਚਾਇਆ ਹੈ। ਉਨ੍ਹਾਂ ਕਿਹਾ ਕਿ ਅੱਗ `ਤੇ ਕਾਬੂ ਪਾ ਲਿਆ ਗਿਆ ਹੈ ਅਤੇ ਬਚਾਅ ਕਾਰਜ ਵੀ ਜਾਰੀ ਹਨ। ਅਗਲੇਰੀ ਜਾਂਚ ਜਾਰੀ ਹੈ। ਜਾਂਚ ਲਈ ਇੱਕ ਵਿਸ਼ੇਸ਼ ਟੀਮ ਵੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ ਹੈ। ਹਾਲਾਂਕਿ, ਉਨ੍ਹਾਂ ਨੇ ਸ਼ੱਕ ਜਤਾਇਆ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ।
ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਮੌਕੇ `ਤੇ ਪਹੁੰਚੀਆਂ ਅਤੇ ਅੱਗ ‘ਤੇ ਕਾਬੂ ਪਾਇਆ। ਹਾਲਾਂਕਿ, ਭੀੜ-ਭੜੱਕੇ ਵਾਲਾ ਇਲਾਕਾ ਹੋਣ ਕਾਰਨ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਉੱਥੇ ਪਹੁੰਚਣ ਵਿੱਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਅਤੇ ਸਟਾਫ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਤੁਹਾਨੂੰ ਦੱਸ ਦੇਈਏ ਕਿ ਬੁਰਾਬਾਜ਼ਾਰ ਪੂਰਬੀ ਭਾਰਤ ਦਾ ਸਭ ਤੋਂ ਵੱਡਾ ਥੋਕ ਬਾਜ਼ਾਰ ਹੈ।