ਨਵੀਂ ਦਿੱਲੀ, 7 ਮਈ (ਪੋਸਟ ਬਿਊਰੋ): ਭਾਰਤ ਵੱਲੋਂ ਪਾਕਿਸਤਾਨ `ਤੇ ਕੀਤੇ ਹਮਲੇ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ (ਮਕਬੂਜ਼ਾ) ਕਸ਼ਮੀਰ ਵਿੱਚ ਅੱਤਵਾਦੀ ਟਿਕਾਣਿਆਂ `ਤੇ ਭਾਰਤੀ ਹਥਿਆਰਬੰਦ ਬਲਾਂ ਦੇ ਸਟੀਕ ਹਮਲਿਆਂ ਬਾਰੇ ਜਾਣਕਾਰੀ ਦਿੱਤੀ।
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਪਰੇਸ਼ਨ ਸਿੰਦੂਰ ਤੋਂ ਬਾਅਦ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਤੇ ਫਿਰ ਕੇਂਦਰੀ ਕੈਬਨਿਟ ਦੀਆਂ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ। ਕੈਬਨਿਟ ਮੀਟਿੰਗ ਵਿਚ ਅਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਮੋਦੀ ਨੇ ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ ਵਿੱਚ ਅੱਤਵਾਦੀ ਢਾਂਚਿਆਂ ਵਿਰੁੱਧ ‘ਗੈਰ-ਵਧਾਊ ਅਤੇ ਗੈਰ-ਫੌਜੀ’ ਹਮਲੇ ਲਈ ਭਾਰਤੀ ਹਥਿਆਰਬੰਦ ਬਲਾਂ ਦੀ ਸ਼ਲਾਘਾ ਕੀਤੀ।
ਬੁੱਧਵਾਰ ਸਵੇਰੇ ਹੋਏ ਹਮਲਿਆਂ ਵਿੱਚ “ਅਪ੍ਰੇਸ਼ਨ ਸਿੰਦੂਰ” ਤਹਿਤ ਪਾਕਿਸਤਾਨ ਸਥਿਤ ਦਹਿਸ਼ਤੀ ਜਥੇਬੰਦੀਆਂ ਲਸ਼ਕਰ-ਏ-ਤਇਬਾ ਅਤੇ ਜੈਸ਼-ਏ-ਮੁਹੰਮਦ ਦੇ ਹੈੱਡਕੁਆਰਟਰਾਂ ਅਤੇ ਸਿਖਲਾਈ ਕੇਂਦਰਾਂ ਸਮੇਤ ਨੌਂ ਥਾਵਾਂ ਨੂੰ ਨਿਸ਼ਾਨਾ ਬਣਾਇਆ ਗਿਆ, ਜਿੱਥੋਂ ਭਾਰਤ ਵਿਰੁੱਧ ਅੱਤਵਾਦੀ ਹਮਲਿਆਂ ਦੀ ਸਾਜਿ਼ਸ਼ ਘੜੀ ਗਈ ਸੀ ਅਤੇ ਨਿਰਦੇਸ਼ਿਤ ਕੀਤਾ ਗਿਆ ਸੀ।
ਰਾਸ਼ਟਰਪਤੀ ਦਫ਼ਤਰ ਨੇ ਐਕਸ `ਤੇ ਇੱਕ ਪੋਸਟ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪ੍ਰੇਸ਼ਨ ਸਿੰਦੂਰ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਵੱਲੋਂ ਕੇਂਦਰੀ ਕੈਬਨਿਟ ਦੀ ਮੀਟਿੰਗ ਦੌਰਾਨ ਅਪ੍ਰੇਸ਼ਨ ਸਿੰਦੂਰ ਦੇ ਵੇਰਵੇ ਸਾਂਝੇ ਕੀਤੇ ਜਾਣ ਤੋਂ ਬਾਅਦ ਕੈਬਨਿਟ ਨੇ ਉਨ੍ਹਾਂ ਦੀ ਅਗਵਾਈ ਦੀ ਸ਼ਲਾਘਾ ਕੀਤੀ। ਇਹ ਭਾਰਤੀ ਹਮਲਿਆਂ ਤੋਂ ਬਾਅਦ ਹੋਈ ਕੈਬਨਿਟ ਦੀ ਪਹਿਲੀ ਮੀਟਿੰਗ ਸੀ।