ਪਟਿਆਲਾ, 8 ਮਈ (ਪੋਸਟ ਬਿਊਰੋ): ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਸਮਾਣਾ-ਪਟਿਆਲਾ ਰੋਡ 'ਤੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ 6 ਸਕੂਲੀ ਬੱਚਿਆਂ ਅਤੇ ਡਰਾਇਵਰ ਦੀ ਹੋਈ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਅੱਜ ਮ੍ਰਿਤਕ ਬੱਚਿਆਂ ਦੇ ਸੰਸਕਾਰ ਤੇ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਹਾਦਸੇ ਵਿੱਚ ਜ਼ਖ਼ਮੀ ਹੋਏ ਬਾਕੀ ਬੱਚਿਆਂ ਦਾ ਸ਼ਹਿਰ ਦੇ ਵੱਖ-ਵੱਖ ਹਸਪਤਾਲਾ ਵਿੱਚ ਇਲਾਜ ਚੱਲ ਰਿਹਾ ਹੈ।
ਇਸ ਹਾਦਸੇ 'ਤੇ ਦੁੱਖ ਪ੍ਰਗਟ ਕਰਦਿਆਂ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨਾਲ ਦੁੱਖ ਅਤੇ ਹਮਦਰਦੀ ਸਾਂਝੀ ਕੀਤੀ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਿਸ਼ ਕਰਨ ਅਤੇ ਪੀੜਤ ਪਰਿਵਾਰਾਂ ਨੂੰ ਇਸ ਨਾ ਪੂਰੇ ਹੋਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਬਖਸ਼ਿਸ਼ ਕਰਨ। ਉਨ੍ਹਾਂ ਨੇ ਅਕਾਲ ਪੁਰਖ ਅੱਗੇ ਹਸਪਤਾਲ ਵਿੱਚ ਦਾਖਲ ਬੱਚਿਆਂ ਦੇ ਜਲਦ ਸਿਹਤਮੰਦ ਹੋਣ ਦੀ ਵੀ ਅਰਦਾਸ ਕੀਤੀ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੀਵਨ ਬਹੁਤ ਅਨਮੋਲ ਹੈ। ਇਸ ਲਈ ਵਹੀਕਲ ਚਲਾਉਂਦਿਆਂ ਹੋਇਆ ਟ੍ਰੈਫਿਕ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ, ਕਿਉਂਕਿ ਟ੍ਰੈਫਿਕ ਨਿਯਮਾਂ ਦੀ ਪਾਲਨਾ ਕਰਨਾ ਹਰ ਨਾਗਰਿਕ ਦੀ ਜਿੰਮੇਵਾਰੀ ਹੈ। ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਨਾ ਸਿਰਫ਼ ਤੁਹਾਡੀ ਸੁਰੱਖਿਆ ਲਈ ਮਹੱਤਵਪੂਰਨ ਹੈ, ਸਗੋਂ ਇਹ ਦੂਜਿਆਂ ਦੀ ਵੀ ਮਦਦ ਕਰਦਾ ਹੈ।