ਨਵੀਂ ਦਿੱਲੀ, 25 ਮਈ (ਪੋਸਟ ਬਿਊਰੋ): ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪਹਿਲਗਾਮ ਘਟਨਾ ਤੋਂ ਬਾਅਦ ਆਪ੍ਰੇਸ਼ਨ ਸੰਧੂਰ ਰਾਹੀਂ ਪਾਕਿਸਤਾਨ ਨੂੰ ਢੁਕਵਾਂ ਜਵਾਬ ਦੇਣ ‘ਚ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਅਤੇ ਭਾਰਤੀ ਫੌਜ ਦੀ ਬਹਾਦਰੀ ਦੀ ਨੀਤੀ ਆਯੋਗ ਦੀ 10ਵੀਂ ਗਵਰਨਿੰਗ ਕੌਂਸਲ ਮੀਟਿੰਗ ‘ਚ ਪ੍ਰਸ਼ੰਸਾ ਕੀਤੀ ਗਈ। ਮੀਟਿੰਗ ‘ਚ ਸ਼ਾਮਲ ਸਾਰੇ ਮੁੱਖ ਮੰਤਰੀਆਂ ਨੇ ਇਸ ਕਾਰਵਾਈ ਲਈ ਪ੍ਰਧਾਨ ਮੰਤਰੀ ਅਤੇ ਭਾਰਤੀ ਫੌਜ ਨੂੰ ਵਧਾਈ ਦਿੱਤੀ।
ਉਨ੍ਹਾਂ ਕਿਹਾ ਕਿ ਅੱਜ ਦੀ ਨੀਤੀ ਆਯੋਗ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਜੋ ਵੀ ਟੀਚੇ ਦਿੱਤੇ ਹਨ, ਮੈਂ ਉਨ੍ਹਾਂ ਨੂੰ ਹਰਿਆਣਾ ਵੱਲੋਂ ਭਰੋਸਾ ਦਿਵਾਉਂਦਾ ਹਾਂ ਕਿ ਵਿਕਸਤ ਭਾਰਤ 2047 ਦੇ ਦ੍ਰਿਸ਼ਟੀਕੋਣ ਨਾਲ, ਹਰਿਆਣਾ ਇਸ ਦਿਸ਼ਾ ‘ਚ ਤੇਜ਼ੀ ਨਾਲ ਅੱਗੇ ਵਧੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੇਂਡੂ ਭਾਰਤ ਦੇ ਵਿਕਾਸ ਅਤੇ ਔਰਤਾਂ ਦੇ ਸਸ਼ਕਤੀਕਰਨ ‘ਤੇ ਵਿਸ਼ੇਸ਼ ਜ਼ੋਰ ਦੇਣ ਦੀ ਗੱਲ ਕੀਤੀ। ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਵਿੱਚ ਪੰਜ ਲੱਖ ਲਖਪਤੀ ਦੀਦੀ ਬਣਾਉਣ ਦਾ ਟੀਚਾ ਮਿੱਥਿਆ ਗਿਆ ਸੀ, ਹੁਣ ਤੱਕ ਦੋ ਲੱਖ ਔਰਤਾਂ ਨੂੰ ਲਖਪਤੀ ਦੀਦੀ ਬਣਾਇਆ ਜਾ ਚੁੱਕਾ ਹੈ। ਇਸ ਦੇ ਨਾਲ ਹੀ ਡਰੋਨ ਦੀਦੀ ਯੋਜਨਾ ਰਾਹੀਂ ਔਰਤਾਂ ਨੂੰ ਆਤਮਨਿਰਭਰ ਵੀ ਬਣਾਇਆ ਜਾ ਰਿਹਾ ਹੈ।
ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨੇ ਦੇਸ਼ ਦੇ ਸਾਰੇ ਮੁੱਖ ਮੰਤਰੀਆਂ ਨੂੰ ਕਿਹਾ ਹੈ ਕਿ ਉਹ ਆਪਣੇ-ਆਪਣੇ ਸੂਬਿਆਂ ‘ਚ ਘੱਟੋ-ਘੱਟ ਇੱਕ ਸਥਾਨ ਨੂੰ ਅੰਤਰਰਾਸ਼ਟਰੀ ਮਾਪਦੰਡਾਂ ਅਨੁਸਾਰ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ‘ਚ ਇੱਕ ਅੰਤਰਰਾਸ਼ਟਰੀ ਪੱਧਰ ਦਾ ਸੈਰ-ਸਪਾਟਾ ਕੇਂਦਰ ਵੀ ਵਿਕਸਤ ਕੀਤਾ ਜਾਵੇਗਾ। ਹਰਿਆਣਾ ‘ਚ ਸੈਰ-ਸਪਾਟੇ ਦੀਆਂ ਅਥਾਹ ਸੰਭਾਵਨਾਵਾਂ ਹਨ ਅਤੇ ਸੂਬਾ ਸਰਕਾਰ ਇਸ ਵਿਸ਼ੇ ‘ਤੇ ਗੰਭੀਰਤਾ ਨਾਲ ਕੰਮ ਕਰੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦੀ ਮੀਟਿੰਗ ‘ਚ ਪ੍ਰਧਾਨ ਮੰਤਰੀ ਨੇ ਦਰਿਆਵਾਂ ਨੂੰ ਜੋੜਨ ਅਤੇ ਪਾਣੀ ਦੀ ਸੰਭਾਲ ‘ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਇਸ ਦਿਸ਼ਾ ਵਿੱਚ ਮਹੱਤਵਪੂਰਨ ਕੰਮ ਕਰ ਰਹੀ ਹੈ। ਖਾਸ ਕਰਕੇ ਡਾਰਕ ਜ਼ੋਨਾਂ ‘ਚ ਅਟਲ ਭੂਮੀਗਤ ਜਲ ਯੋਜਨਾ ਅਤੇ ਅੰਮ੍ਰਿਤ ਸਰੋਵਰ ਆਦਿ ਸਕੀਮਾਂ ਰਾਹੀਂ ਪਾਣੀ ਦੀ ਸੰਭਾਲ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਪੰਜਾਬ ਤੋਂ ਪਾਣੀ ਮਿਲਣ ਬਾਰੇ ਸਵਾਲ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਹਰਿਆਣਾ ਨੂੰ ਹੁਣ ਪਾਣੀ ਮਿਲਣਾ ਸ਼ੁਰੂ ਹੋ ਗਿਆ ਹੈ।
ਵਿਰੋਧੀ ਧਿਰ, ਖਾਸ ਕਰਕੇ ਕਾਂਗਰਸੀ ਆਗੂਆਂ ‘ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਅੱਜ ਗਰੀਬ ਪਰਿਵਾਰਾਂ ਦੇ ਹੁਸ਼ਿਆਰ ਬੱਚੇ ਆਪਣੀ ਮਿਹਨਤ ਦੇ ਬਲਬੂਤੇ ‘ਤੇ ਨੌਕਰੀਆਂ ਪ੍ਰਾਪਤ ਕਰ ਰਹੇ ਹਨ। ਨੌਕਰੀਆਂ ਦੇ ਸੰਬੰਧ ‘ਚ ਕਾਂਗਰਸੀ ਆਗੂਆਂ ਨੂੰ ਆਪਣੇ ਸ਼ਾਸਨ ਕਾਲ ਨੂੰ ਯਾਦ ਰੱਖਣਾ ਚਾਹੀਦਾ ਹੈ ਅਤੇ ਉਸ ਸਮੇਂ ਨੌਜਵਾਨਾਂ ਦੇ ਹਿੱਤਾਂ ‘ਤੇ ਕਿਵੇਂ ਹਮਲਾ ਕੀਤਾ ਗਿਆ ਸੀ।