ਅੰਮ੍ਰਿਤਸਰ, 22 ਜੂਨ (ਪੋਸਟ ਬਿਊਰੋ): ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐੱਸਆਈ ਨਾਲ ਜੁੜੀਆਂ ਜਾਸੂਸੀ ਗਤੀਵਿਧੀਆਂ ਵਿੱਚ ਸ਼ਾਮਿਲ ਦੋ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਫੌਜੀ ਅਤੇ ਸਾਹਿਲ ਮਸੀਹ ਉਰਫ਼ ਸ਼ਾਲੀ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗੁਰਪ੍ਰੀਤ ਸਿੰਘ ਪਾਕਿਸਤਾਨ ਦੀ ਆਈਐੱਸਆਈ ਦੇ ਏਜੰਟਾਂ ਨਾਲ ਸਿੱਧੇ ਸੰਪਰਕ ਵਿੱਚ ਸੀ ਅਤੇ ਪੈੱਨ ਡਰਾਈਵ ਰਾਹੀਂ ਗੁਪਤ ਅਤੇ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰ ਰਿਹਾ ਸੀ। ਇਸ ਮਾਮਲੇ ਵਿੱਚ ਮੁੱਖ ਹੈਂਡਲਰ ਦੀ ਪਛਾਣ ਰਾਣਾ ਜਾਵੇਦ ਵਜੋਂ ਹੋਈ ਹੈ।
ਪੁਲਿਸ ਨੇ ਮੁਲਜ਼ਮਾਂ ਤੋਂ ਦੋ ਮੋਬਾਈਲ ਫੋਨ ਵੀ ਜ਼ਬਤ ਕੀਤੇ ਹਨ, ਜਿਨ੍ਹਾਂ ਦੀ ਵਰਤੋਂ ਏਜੰਟਾਂ ਨਾਲ ਗੱਲਬਾਤ ਕਰਨ ਲਈ ਕੀਤੀ ਜਾ ਰਹੀ ਸੀ। ਇਸ ਵੇਲੇ ਉਨ੍ਹਾਂ ਦੇ ਫੋਨ ਫੋਰੈਂਸਿਕ ਜਾਂਚ ਅਤੇ ਸਾਈਬਰ ਜਾਂਚ ਲਈ ਭੇਜੇ ਗਏ ਹਨ। ਤਾਂ ਜੋ ਉਨ੍ਹਾਂ ਤੋਂ ਗੁਪਤ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ।
ਇਸ ਵਿਆਪਕ ਜਾਸੂਸੀ-ਅੱਤਵਾਦੀ ਨੈੱਟਵਰਕ ਦੇ ਪਿੱਛੇ ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਇਸਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਪੁਲਿਸ ਜਾਂਚ ਹੁਣ ਚੱਲ ਰਹੀ ਹੈ। ਪੰਜਾਬ ਪੁਲਿਸ ਨੇ ਕਿਹਾ ਹੈ ਕਿ ਉਹ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਿਲ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।