ਚੰਡੀਗੜ੍ਹ, 31 ਅਗਸਤ (ਪੋਸਟ ਬਿਊਰੋ): ਪੰਜਾਬ `ਤੇ ਇਸ ਸਮੇਂ ਹੜ੍ਹਾਂ ਦੀ ਭਾਰੀ ਆਫਤ ਆਈ ਹੋਈ ਹੈ। ਸੂਬੇ ਵਿੱਚ ਆਏ ਹੜ੍ਹਾਂ ਕਾਰਨ ਕਰੋੜਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ। ਇਸੇ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਚਿੱਠੀ ਲਿਖੀ ਹੈ। ਮੁੱਖ ਮੰਤਰੀ ਮਾਨ ਨੇ ਚਿੱਠੀ ਵਿੱਚ ਲਿਖਿਆ ਹੈ ਕਿ ਪੰਜਾਬ ਲਈ ਇਹ ਔਖਾ ਸਮਾਂ ਹੈ। ਕੇਂਦਰ ਸਰਕਾਰ ਪੰਜਾਬ ਦੇ 60,000 ਕਰੋੜ ਰੁਪਏ ਦੇ ਬਕਾਇਆ ਫੰਡ ਨੂੰ ਜਾਰੀ ਕਰੇ। ਚਿੱਠੀ ਰਾਹੀਂ ਕੇਂਦਰ ਤੋਂ ਐੱਸਡੀਆਰਐੱਫ ਨਿਯਮਾਂ ਵਿੱਚ ਬਦਲਾਅ ਦੀ ਮੰਗ ਕੀਤੀ ਹੈ, ਤਾਂ ਜੋ ਕਿਸਾਨਾਂ ਨੂੰ ਹੜ੍ਹਾਂ ਦੇ ਨੁਕਸਾਨ ਦੀ ਮੁਆਵਜ਼ਾ ਰਾਸ਼ੀ 50,000 ਰੁਪਏ ਤੱਕ ਵਧਾਈ ਜਾ ਸਕੇ। ਪੰਜਾਬ ਸਰਕਾਰ ਕਿਸਾਨਾਂ ਨੂੰ 50,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣਾ ਚਾਹੁੰਦੀ ਹੈ ਅਤੇ ਇਸ ਲਈ ਕੇਂਦਰ ਤੋਂ ਸਹਿਮਤੀ ਮੰਗੀ ਗਈ ਹੈ। ਪੰਜਾਬ ਹੁਣ ਤੱਕ ਦੀ ਸਭ ਤੋਂ ਗੰਭੀਰ ਹੜ੍ਹ ਸਥਿਤੀ ਦਾ ਸਾਹਮਣਾ ਕਰ ਰਿਹਾ ਹੈ, ਪੰਜਾਬ ਦੇ 1000 ਪਿੰਡ ਅਤੇ ਲੱਖਾਂ ਲੋਕ ਪ੍ਰਭਾਵਿਤ ਹੋਏ ਹਨ। ਗੁਰਦਾਸਪੁਰ, ਕਪੂਰਥਲਾ, ਅੰਮ੍ਰਿਤਸਰ, ਪਠਾਨਕੋਟ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਵਿੱਚ ਹੜ੍ਹ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਸਰਕਾਰੀ ਸੂਤਰਾਂ ਅਨੁਸਾਰ, ਹੜ੍ਹ ਦੇ ਪਾਣੀ ਵਿੱਚ ਲਗਭਗ 3 ਲੱਖ ਏਕੜ ਖੇਤੀਬਾੜੀ ਜ਼ਮੀਨ ਡੁੱਬ ਚੁੱਕੀ ਹੈ ਅਤੇ ਅਰਬਾਂ ਰੁਪਏ ਦੀ ਫ਼ਸਲ ਤਬਾਹ ਹੋ ਚੁੱਕੀ ਹੈ।